ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦੇ ਹੱਕ ਵਿਚ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ 26 ਜਨਵਰੀ ਤੱਕ ਪੰਜਾਬ ਵਿੱਚ 500 ਹੋਰ ‘ਆਮ ਆਦਮੀ ਕਲੀਨਿਕ’ ਖੋਲ੍ਹਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਸੂਬੇ ਵਿੱਚ ਖੁੱਲ੍ਹੇ 100 ਮੁਹੱਲਾ ਕਲੀਨਿਕਾਂ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਚਾਰ ਮਹੀਨਿਆਂ ਵਿੱਚ ਹੀ ਪੰਜ ਲੱਖ ਤੋਂ ਵੱਧ ਲੋਕਾਂ ਦਾ ਇਲਾਜ ਹੋਇਆ ਹੈ। ਇਸ ਨੂੰ ਵੇਖਦਿਆਂ 26 ਜਨਵਰੀ ਤੱਕ 500 ਹੋਰ ‘ਆਮ ਆਦਮੀ ਕਲੀਨਿਕ’ ਖੋਲ੍ਹੇ ਜਾਣਗੇ।
ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਦੇ ਖੇਤਰ ‘ਚ ਸ਼ੁਰੂ ‘ਆਮ ਆਦਮੀ ਕਲੀਨਿਕਾਂ’ ‘ਤੇ ਬੀਤੇ ਚਾਰ ਮਹੀਨਿਆਂ ਦੌਰਾਨ ‘ਤੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਕਲੀਨਿਕਾਂ ‘ਤੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਅੱਠ ਹਜ਼ਾਰ ਤੋਂ ਟੱਪ ਗਿਆ ਹੈ। ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸ਼ੁਰੂ ਕੀਤੀਆਂ ਮੁਫ਼ਤ ਗੁਣਾਤਮਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸਕੀਮਾਂ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਆਮ ਲੋਕ ਆਪਣੀ ਸਿਹਤ ਦੇ ਇਲਾਜ ਲਈ ਆਮ ਆਦਮੀ ਕਲੀਨਿਕਾਂ ਤੱਕ ਆਸਾਨੀ ਨਾਲ ਪਹੁੰਚ ਕੇ ਇਨ੍ਹਾਂ ਦੀ ਵਰਤੋਂ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ 5,35,487 ਆਮ ਲੋਕ ਕਲੀਨਿਕਾਂ ‘ਤੇ ਆਪਣੀ ਸਿਹਤ ਦਾ ਇਲਾਜ ਤੇ 69,870 ਲੋਕ ਵੱਖ-ਵੱਖ ਲੈਬਾਰਟਰੀ ਟੈਸਟ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਐਸਏਐਸ ਨਗਰ ਜ਼ਿਲ੍ਹਿਆਂ ਵਿੱਚੋਂ ਅੱਗੇ ਹੈ ਤੇ ਅੰਕੜਿਆਂ ਅਨੁਸਾਰ 14 ਨਵੰਬਰ ਤੱਕ ਐਸਏਐਸ ਨਗਰ ਵਿਚ 80406 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਤੇ 11045 ਲੈਬਾਰਟਰੀ ਟੈਸਟ ਕੀਤੇ ਜਾ ਚੁੱਕੇ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਵਿਚ 65861 ਮਰੀਜ਼ਾਂ ਦੇ ਇਲਾਜ ਅਤੇ 5603 ਕਲੀਨਿਕਲ ਟੈਸਟਾਂ ਨਾਲ ਦੂਜੇ ਸਥਾਨ ‘ਤੇ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਨੇ 44223 ਮਰੀਜ਼ਾਂ ਤੇ 5922 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ‘ਤੇ ਹੈ।