‘ਇੱਕ ਦੇਸ਼, ਇੱਕ ਚੋਣ’ ਨੂੰ ਲੈਕੇ ਕੇਂਦਰ ਵਲੋਂ ਲਏ ਫੈਸਲੇ ਦਾ ਵਿਰੋਧੀ ਪਾਰਟੀਆਂ ਲਗਾਤਾਰ ਵਿਰੋਧ ਕਰ ਰਹੀਆਂ ਹਨ। ਉਥੇ ਹੀ ਇਸ ਮਾਮਲੇ ‘ਚ ਅੱਜ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੇਂਦਰ ਦੇ ਇਸ ਫੈਸਲੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਕੰਗ ਨੇ ਕਿਹਾ ਕਿ ਵਿਰੋਧੀ ਗਠਜੋੜ ਇੰਡੀਆ ਦੀ ਮਜ਼ਬੂਤੀ ਨੂੰ ਦੇਖ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਘਬਰਾ ਗਏ ਹਨ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਦੇ ਕੇਂਦਰ ਦੇ ਫੈਸਲੇ ਦਾ ਸਮਰਥਨ ਕਰਨ ‘ਤੇ ਉਹਨਾਂ ਨੇ ਖੇਤਰੀ ਪਾਰਟੀ ਅਕਾਲੀ ਦਲ ਨੂੰ ਘੇਰਿਆ। ਉਹਨਾਂ ਕਿਹਾ ਕਿ ਇਸ ਨਾਲ ਸਪਸ਼ਟ ਹੋ ਗਿਆ ਹੈ ਕਿ ਅਕਾਲੀ ਦਲ ਬਾਦਲ ਦਾ ਇੰਟਰਸਟ, ਸਿਰਫ਼ ਤੇ ਸਿਰਫ਼ ਫਾਇਨੈਂਸ਼ੀਅਲ, ਨਿੱਜੀ ਤੇ ਆਪਣੇ ਫਾਇਦੇ ਦੀਆਂ ਗੱਲਾਂ ਤੱਕ ਰਹਿ ਗਿਆ ਹੈ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਸਿਰਫ ਇੱਕ ਹੀ ਚੋਣ ਕਰਵਾਉਣ ਨੂੰ ਲੈਕੇ ਕੇਂਦਰ ਸਰਕਾਰ ਨੇ ਬੀਤੇ ਦਿਨੀਂ ਵੱਡਾ ਫੈਸਲਾ ਲਿਆ ਹੈ। ਕੇਂਦਰ ਨੇ ‘ਇੱਕ ਦੇਸ਼, ਇੱਕ ਚੋਣ’ ਸਬੰਧੀ ਇੱਕ ਕਮੇਟੀ ਦਾ ਗਠਨ ਕੀਤਾ ਹੈ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਹ ਕਮੇਟੀ ਇਸ ਮੁੱਦੇ ‘ਤੇ ਵਿਚਾਰ ਕਰਨ ਤੋਂ ਬਾਅਦ ਆਪਣੀ ਰਿਪੋਰਟ ਦੇਵੇਗੀ। ਇਸ ਤੋਂ ਬਾਅਦ ਹੀ ਇਹ ਤੈਅ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਸਾਰੇ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਕਰੇਗੀ ਜਾਂ ਨਹੀਂ।
ਦੱਸ ਦੇਈਏ ਕਿ ਇੱਕ ਦੇਸ਼-ਇੱਕ ਚੋਣ ਦਾ ਮਤਲਬ ਹੈ ਕਿ ਦੇਸ਼ ਵਿੱਚ ਹੋਣ ਵਾਲੀਆਂ ਸਾਰੀਆਂ ਚੋਣਾਂ ਇੱਕੋ ਸਮੇਂ ਹੋਣੀਆਂ ਚਾਹੀਦੀਆਂ ਹਨ। ਦੇਸ਼ ਦੀ ਆਜ਼ਾਦੀ ਤੋਂ ਕੁਝ ਸਮਾਂ ਬਾਅਦ ਤੱਕ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਇੱਕੋ ਸਮੇਂ ਹੁੰਦੀਆਂ ਸਨ, ਪਰ ਬਾਅਦ ਵਿੱਚ ਇਸ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਗਿਆ ਅਤੇ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਚੋਣਾਂ ਅਲੱਗ-ਅਲੱਗ ਕਰਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੂਤਰਾਂ ਮੁਤਾਬਕ ਸਰਕਾਰ ਇਸ ਦੌਰਾਨ “ਇਕ ਦੇਸ਼ ਇਕ ਚੋਣ” ਬਾਰੇ ਬਿੱਲ ਵੀ ਲਿਆ ਸਕਦੀ ਹੈ।