ਪੰਜਾਬ ਦੇ ਵਿਚ ਨਿਵੇਸ਼ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲਣ ਤੋਂ ਬਾਅਦ ਅੱਜ ਸੀ.ਐਮ. ਮਾਨ ਨੇ ਥਾਇਰੋਕੇਅਰ ਦੇ ਅਫ਼ਸਰ-ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਪੰਜਾਬ ਦੀਆਂ ਸਿਹਤ ਸਹੂਲਤਾਵਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ‘ਚ ਨਿਵੇਸ਼ ਹਿੱਤ ਲੈਬ ਨੈੱਟਵਰਕ ਬਣਾਉਣ ਲਈ ਵੀ ਸੱਦਾ ਦਿੱਤਾ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਪੋਸਟ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਅਧਿਕਾਰੀਆਂ ਨੇ ਸਾਡੀ ਪੇਸ਼ਕਸ਼ ‘ਚ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਹਤ ਖੇਤਰ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਦੋਸਤਾਨ ਯੂਨੀਲੀਵਰ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ।
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਨਾਭਾ ਵਿਖੇ ਇਨ੍ਹਾਂ ਦੇ ਕੈਚਅਪ ਪਲਾਂਟ ਲਈ ਇਹ ਟਮਾਟਰ ਨਾਸਿਕ ਤੋਂ ਲਿਆਉਂਦੇ ਹਨ ਅਤੇ ਪੰਜਾਬ ਦੀ ਧਰਤੀ ਟਮਾਟਰ ਦੀ ਖੇਤੀ ਲਈ ਬਹੁਤ ਅਨੁਕੂਲ ਹੈ। ਮੁੱਖ ਮੰਤਰੀ ਨੇ ਉਕਤ ਅਧਿਕਾਰੀਆਂ ਨੂੰ ਪੰਜਾਬ ਤੋਂ ਹੀ ਟਮਾਟਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਦਲਵੀਂ ਫ਼ਸਲ ‘ਤੇ ਚੰਗਾ ਮੁਨਾਫ਼ਾ ਵੀ ਮਿਲ ਸਕੇਗਾ।