ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਾਲ 2023-24 ਲਈ ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੰਜਾਬ ਵਿਧਾਨ ਸਭਾ ਦੀ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦਕਿ ਹੋਰ ਵੱਖ-ਵੱਖ 14 ਵਿਧਾਇਕਾਂ ਨੂੰ ਵੀ ਵੱਖ-ਵੱਖ ਕਮੇਟੀਆਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਇਕ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਵਿਧਾਇਕ ਤ੍ਰਿਪਤ ਬਾਜਵਾ ਦਾ ਵਿਧਾਨ ਸਭਾ ਦੀ ਕਮੇਟੀ ਦਾ ਚੇਅਰਮੈਨ ਬਣਨ ‘ਤੇ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਅੰਦਰ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।