ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ‘ਚ ਹਾਲ ਹੀ ‘ਚ ਕਾਂਗਰਸ ਛੱਡਕੇ ਭਾਜਪਾ ‘ਚ ਸ਼ਾਮਲ ਹੋਏ 4 ਆਗੂਆਂ ਨੂੰ ਕੇਂਦਰ ਸਰਕਾਰ ਵੱਲੋਂ ਐਕਸ (X) ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਪੰਜਾਬ ‘ਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਟਿੱਕਾ ਸਮੇਤ ਭਾਜਪਾ ਦੇ 4 ਆਗੂਆਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਇਨ੍ਹਾਂ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਨ੍ਹਾਂ ਚਾਰਾਂ ਨੂੰ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਹੁਣ ਇਨ੍ਹਾਂ ਆਗੂਆਂ ਨੂੰ ਪੈਰਾਮਿਲਟਰੀ ਫੋਰਸ (ਸੀ. ਆਰ. ਪੀ. ਐੱਫ.) ਦੇ ਜਵਾਨ ਸੁਰੱਖਿਆ ਦੇਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ 5 ਭਾਜਪਾ ਆਗੂਆਂ ਨੂੰ ਸੁਰੱਖਿਆ ਦਿੱਤੀ ਸੀ। ਇਹ ਸਾਰੇ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ‘ਚ ਸ਼ਾਮਲ ਹੋਏ ਸਨ। ਇਨ੍ਹਾਂ ‘ਚ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਅਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਆਇਕ ਹਰਚੰਦ ਕੌਰ, ਸਾਬਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਕਮਲਦੀਪ ਸੈਣੀ ਸ਼ਾਮਲ ਸਨ।
ਜਾਣੋ ਕਿਹੜੇ ਚਾਰ ਭਾਜਪਾ ਨੇਤਾਵਾਂ ਨੂੰ ਮਿਲੀ X ਸ਼੍ਰੇਣੀ ਦੀ ਸੁਰੱਖਿਆ
1. ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ
2. ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ
3. ਜਗਦੀਪ ਸਿੰਘ ਨਕਈ, ਸਾਬਕਾ ਐਮ.ਐਲ.ਏ
4. ਅਮਰਜੀਤ ਸਿੰਘ ਟਿੱਕਾ
ਇੱਥੇ ਦੱਸਣਾ ਜ਼ਰੂਰੀ ਹੈ ਕਿ ਇਹ ਚਾਰੇ ਆਗੂ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਇਨ੍ਹਾਂ ਚਾਰ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਸੀ। ਆਈਬੀ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਇਨ੍ਹਾਂ ਨੇਤਾਵਾਂ ‘ਤੇ ਕਿਸੇ ਵੇਲੇ ਵੀ ਹਮਲਾ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਏਜੰਸੀ ਨੇ ਉਨ੍ਹਾਂ ਨੂੰ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਅਤੇ ਕੇਂਦਰ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ।