2 ਸਾਲ ਦੀ ਸਜ਼ਾ ਅਤੇ ਫਿਰ ਲੋਕ ਸਭਾ ਮੈਂਬਰਸ਼ਿੱਪ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਹੁਣ ਰਾਹੁਲ ਗਾਂਧੀ ਨੂੰ 12 ਤੁਗਲਕ ਰੋਡ ਸਥਿਤ ਬੰਗਲਾ ਖਾਲ੍ਹੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖਾਲ੍ਹੀ ਕਰਨ ਲਈ 22 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਲੋਕ ਸਭਾ ਦੀ ਹਾਊਸਿੰਗ ਕਮੇਟੀ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਅਤੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਲਈ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਇਹ ਫੈਸਲਾ ਵਾਇਨਾਡ ਦੇ ਸੰਸਦ ਮੈਂਬਰ ਦੀ ਸੰਸਦ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਲਿਆ ਗਿਆ ਹੈ। ਫਿਲਹਾਲ ਰਾਹੁਲ ਗਾਂਧੀ 12 ਤੁਗਲਕ ਰੋਡ ਸਥਿਤ ਸਰਕਾਰੀ ਬੰਗਲੇ ‘ਚ ਰਹਿੰਦੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਦੁਆਰਾ 2019 ਦੇ ਮਾਣਹਾਨੀ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ 24 ਮਾਰਚ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਯੋਗ ਮੈਂਬਰ ਨੂੰ ਆਪਣੀ ਮੈਂਬਰਸ਼ਿਪ ਗੁਆਉਣ ਦੇ ਇਕ ਮਹੀਨੇ ਦੇ ਅੰਦਰ ਸਰਕਾਰੀ ਬੰਗਲਾ ਖਾਲੀ ਕਰਨਾ ਪੈਂਦਾ ਹੈ।
ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਰਾਹੁਲ ਗਾਂਧੀ ਹਾਊਸਿੰਗ ਕਮੇਟੀ ਨੂੰ ਇਸ ਮਿਆਦ ਨੂੰ ਵਧਾਉਣ ਦੀ ਬੇਨਤੀ ਕਰ ਸਕਦੇ ਹਨ। ਲੋਕ ਸਭਾ ਸਕੱਤਰੇਤ ਵੱਲੋਂ ਰਾਹੁਲ ਨੂੰ ਅਯੋਗ ਠਹਿਰਾਉਣ ਵਾਲੇ ਨੋਟੀਫਿਕੇਸ਼ਨ ਦੀ ਕਾਪੀ ਐਨਡੀਐਮਸੀ ਦੇ ਸੰਪਦਾ ਡਾਇਰੈਕਟੋਰੇਟ ਜਨਰਲ ਸਮੇਤ ਵੱਖ-ਵੱਖ ਵਿਭਾਗਾਂ ਨੂੰ ਭੇਜੀ ਗਈ ਸੀ।
ਦੂਜੇ ਪਾਸੇ, ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਅਤੇ ਅਡਾਨੀ ਸਮੂਹ ਨਾਲ ਸਬੰਧਤ ਮਾਮਲੇ ਵਿੱਚ ਇੱਕ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਦੀ ਸਥਾਪਨਾ ਦੀ ਮੰਗ ਕੀਤੀ। ਕਾਂਗਰਸ ਅਤੇ ਕੁਝ ਹੋਰ ਸਹਿਯੋਗੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਕੀਤੀ ਗਈ ਕਾਰਵਾਈ ਦਾ ਵਿਰੋਧ ਕਰਨ ਲਈ ਕਾਲੇ ਕੱਪੜੇ ਪਹਿਨੇ ਹੋਏ ਸਨ।