ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਵਿੱਤਾ ਮੰਤਰੀ ਮਨਪ੍ਰੀਤ ਬਾਦਲ ਦੇ ਬੀਜੇਪੀ ‘ਚ ਸ਼ਾਮਲ ਹੋਣ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਚਰਚਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਵਿੱਚ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ ਪਰ ਹੁਣ ਇਹ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਫਿਲਹਾਲ ਰੈਲੀ ਦੀ ਨਵੀਂ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ।
ਸੂਤਰਾਂ ਦੀ ਮੰਨੀਏ ਤਾਂ ਪ੍ਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ। ਇਸ ਲਈ ਰੈਲੀ ਤੋਂ ਪਹਿਲਾਂ ਹੀ ਉਹ ਦਿੱਲੀ ਜਾ ਕੇ ਬੀਜੇਪੀ ਵਿੱਚ ਸ਼ਾਮਲ ਹੋ ਸਕਦੀ ਹੈ। ਉੱਥੇ ਉਹ ਕੇਂਦਰੀ ਗ੍ਰਹਿ ਮੰਤਰੀ ਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ। ਕੈਪਟਨ ਅਮਰਿੰਦਰ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਮਗਰੋਂ ਲਗਾਤਾਰ ਸਵਾਲ ਉੱਠ ਰਹੇ ਹਨ ਕਿ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਕਾਂਗਰਸ ਨੂੰ ਕਿਉਂ ਨਹੀਂ ਛੱਡ ਰਹੇ।
ਦੱਸ ਦਈਏ ਕਿ ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਪ੍ਰਨੀਤ ਕੌਰ ਪਟਿਆਲਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੀ ਮੌਜੂਦਗੀ ਦੌਰਾਨ ਹੀ ਭਾਜਪਾ ਵਿੱਚ ਸ਼ਾਮਲ ਹੋਵੇਗੀ, ਪਰ ਰੈਲੀ ਮੁਲਤਵੀ ਹੋ ਗਈ ਹੈ। ਹਾਲਾਂਕਿ ਪ੍ਰਨੀਤ ਕੌਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰੇਗੀ ਜਾਂ ਦਿੱਲੀ ਜਾ ਕੇ ਭਾਜਪਾ ‘ਚ ਸ਼ਾਮਲ ਹੋਵੇਗੀ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।
ਦੱਸ ਦਈਏ ਕਿ ਕਾਂਗਰਸ ਅੰਦਰ ਵੀ ਪ੍ਰਨੀਤ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦੀ ਚਰਚਾ ਤੇਜ਼ ਹੋ ਗਈ ਹੈ। ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਰੈਲੀ ‘ਚ ਕਿਹਾ ਸੀ ਕਿ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਸੀ ਕਿ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਬਾਹਰ ਕੱਢਣ ਦਾ ਤੁਰੰਤ ਐਲਾਨ ਕਰਨ। ਉਨ੍ਹਾਂ ਨੇ ਕੈਪਟਨ ਨੂੰ ਵੀ ਗੱਦਾਰ ਕਰਾਰ ਦਿੱਤਾ ਸੀ।