ਘੱਟੋ-ਘੱਟ ਸਮਰਥਨ ਮੁੱਲ (MSP), ਪੰਜਾਬ ‘ਚ ਪਾਣੀ ਦੀ ਕਿੱਲਤ, ਲਖੀਮਪੁਰ ਖੀਰੀ ਕਾਂਡ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ‘ਤੇ ਕਾਰਵਾਈ, ਵਾਤਾਵਰਣ ਪ੍ਰਦੂਸ਼ਣ ਅਤੇ ਪੈਂਡਿੰਗ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਤਰ-ਮੰਤਰ ਵਿਖੇ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜਿਥੇ ਕਿਸਾਨ ਭਾਰੀ ਇਕੱਠ ਕਰਕੇ ਪਹੁੰਚੇ ਹਨ ਉਥੇ ਹੀ ਵੱਡੀ ਗਿਣਤੀ ਵਿਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਵੇਂ ਹੀ ਦਿੱਲੀ ਵਿਚ ਇਕ ਦਿਨਾਂ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ ਪਰ ਕਿਸਾਨਾਂ ਵਲੋਂ ਪੱਕੇ ਧਰਨੇ ਦੀ ਤਿਆਰੀ ਨਾਲ ਦਿੱਲੀ ਆਉਣ ਲਈ ਕਿਹਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਜੇਕਰ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਇਹ ਧਰਨਾ ਸਥਾਈ ਤੌਰ ਦੇ ਸ਼ੁਰੂ ਕੀਤਾ ਜਾ ਸਕਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਮੰਗਾਂ ਨਾ ਮੰਨ ਕੇ ਮੁੜ ਅੰਦੋਲਨ ਕਰਨ ਲਈ ਮਜਬੂਰ ਕਰਨਾ ਚਾਹੁੰਦੀ ਹੈ।
ਇਥੇ ਦਸਣਯੋਗ ਹੈ ਕਿ ਕਿਸਾਨ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਮਾਰਚ ਕਰ ਰਹੇ ਹਨ। ਪੰਜਾਬ ਤੋਂ ਆਈਆਂ 5 ਕਿਸਾਨ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਨ੍ਹਾਂ ‘ਚ ਭਾਰਤੀ ਕਿਸਾਨ ਸੰਘ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਰਾਜੇਵਾਲ ਸੰਘ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਕਿਸਾਨ ਜਥੇਬੰਦੀਆਂ 20 ਮਾਰਚ ਨੂੰ ਦਿੱਲੀ ਕੂਚ ਕਰਨਗੀਆਂ ਅਤੇ ਸੰਸਦ ਤੱਕ ਮਾਰਚ ਵੀ ਕਰਨਗੀਆਂ।