ਇਕ ਠੱਗ ਏਜੰਟ ਦੇ ਧੋਖੇ ਤੋਂ ਬਾਅਦ ਕੈਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਲਈ ਜਿਥੇ ਪੰਜਾਬੀ ਨੌਜਵਾਨਾਂ ਵਲੋਂ ਕੈਨੇਡਾ ‘ਚ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ ਹੁਣ ਇਸ ਵਿਚਕਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇਸ ਮੁੱਦੇ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਦੇਸ਼ ਨਿਕਾਲੇ ਦਾ ਸਾਹਮਣੇ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਪੀੜਤ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣਾ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਾਡਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ, ਉਨ੍ਹਾਂ ਨਾਲ ਨਿਆਂ ਹੋਵੇਗਾ। ਪੀੜਤ ਵਿਦਿਆਰਥੀ ਆਪਣਾ ਪੱਖ ਰੱਖਣਗੇ ਤੇ ਉਨ੍ਹਾਂ ਨੂੰ ਇਨਸਾਫ ਮਿਲੇਗਾ। ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਉਨ੍ਹਾਂ ਆਖਿਆ ਕਿ ਵਿਦੇਸ਼ੀ ਵਿਦਿਆਰਥੀ ਮੁਲਕ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾ ਰਹੇ ਹਨ। ਅਸੀਂ ਉਨ੍ਹਾਂ ਨਾਲ ਇਨਸਾਫ ਜ਼ਰੂਰ ਕਰਾਂਗੇ।
ਦੱਸ ਦਈਏ ਕਿ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਵਿਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸ ਸੈਂਟਰ ਰਾਹੀਂ 700 ਵਿਦਿਆਰਥੀਆਂ ਨੇ ਵਿਦਿਆਰਥੀ ਵੀਜ਼ੇ ਲਈ ਅਪਲਾਈ ਕੀਤਾ ਸੀ। ਹੰਬਰ ਕਾਲਜ ਵਿੱਚ ਦਾਖ਼ਲੇ ਲਈ ਪ੍ਰਤੀ ਵਿਦਿਆਰਥੀ 16 ਤੋਂ 20 ਲੱਖ ਰੁਪਏ ਲਏ ਗਏ। ਨਾਲ ਹੀ ਹਵਾਈ ਟਿਕਟਾਂ ਅਤੇ ਸੁਰੱਖਿਆ ਖਰਚੇ ਵੱਖਰੇ ਸਨ। ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਹ ਵਿਦੇਸ਼ ਪੁੱਜੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਕਾਲਜ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਅਗਲੇ ਸਮੈਸਟਰ ਤੱਕ 6 ਮਹੀਨੇ ਉਡੀਕ ਕਰਨੀ ਪਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਏਜੰਸੀ ਵੱਲੋਂ ਫੀਸ ਵਾਪਸ ਕਰ ਦਿੱਤੀ ਗਈ ਅਤੇ ਅਗਲੇ ਸਮੈਸਟਰ ਲਈ ਦਾਖਲਾ ਲਿਆ ਗਿਆ।
ਫੀਸ ਵਾਪਸ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਏਜੰਟ ਉੱਤੇ ਪੱਕਾ ਵਿਸ਼ਵਾਸ਼ ਹੋ ਗਿਆ। ਹੁਣ ਜਦੋਂ ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਪੂਰੀ ਕੀਤੀ। ਕੰਮ ਦਾ ਤਜ਼ਰਬਾ ਹਾਸਲ ਕਰਨ ਤੋਂ ਬਾਅਦ, ਪੀ.ਆਰ. ਲਈ ਅਪਲਾਈ ਕੀਤਾ। ਪੀਆਰ ਦੇ ਸਮੇਂ ਜਦੋਂ ਸੀਬੀਐਸਏ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਏਜੰਟ ਦੁਆਰਾ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ ਪੇਸ਼ਕਸ਼ ਪੱਤਰ ਜਾਅਲੀ ਸਨ।