ADGP LK ਯਾਦਵ ਦੀ ਅਗਵਾਈ ਵਾਲੀ SIT ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੇਸ਼ ਕੀਤੀ ਗਈ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦੇ ਸਬੰਧ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਪੱਖ ਰੱਖਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਹਨਾਂ ਦਾ ਇਸ ਮੁੱਦੇ ‘ਤੇ ਕਹਿਣਾ ਹੈ ਕਿ ਝੂਠ ਝੂਠ ਹੀ ਰਹਿੰਦਾ ਹੈ, ਸਾਨੂੰ ਕਿਸੇ ਚਲਾਨ ਦੀ ਪ੍ਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਸੱਤ ਸਾਲਾਂ ਤੋਂ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਵਿਜੈ ਕੁੰਵਰ ਪ੍ਰਤਾਪ ਨੇ ਰਿਪੋਰਟ ਪੇਸ਼ ਕੀਤੀ ਸੀ ਜੋ ਹਾਈਕੋਰਟ ਨੇ ਰੱਦ ਕਰ ਦਿੱਤੀ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਧਰਨੇ ਵਿੱਚ ਜਾ ਕੇ ਵਾਅਦਾ ਕੀਤਾ ਸੀ ਕਿ ਮੇਰਾ ਨਾਮ ਪਾਇਆ ਜਾਵੇਗਾ। ਪਾਰਟੀ ਪ੍ਰਧਾਨ ਨੇ ਕਿਹਾ ਹੈ ਕਿ ਜਦੋਂ ਇਹ ਕਾਂਡ ਹੋਇਆ ਉਦੋਂ ਮੈਂ ਇੱਥੇ ਹੀ ਨਹੀਂ ਸੀ। ਉਨ੍ਹਾਂ ਨੇ ਕਿਹਾ ਹੈ ਕਿ ਮਾਮਲਾ ਸਿਰਫ ਸਿਆਸਤ ਤੋਂ ਪ੍ਰੇਰਿਤ ਹੈ।
ਪਾਰਟੀ ਪ੍ਰਧਾਨ ਨੇ ਕਿਹਾ ਹੈ ਕਿ ਮੇਰੀ ਕਿਸੇ ਅਫ਼ਸਰ ਨਾਲ ਫੋਨ ਉੱਤੇ ਕੋਈ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੇਰੇ ਖਿਲਾਫ਼ ਸਬੂਤ ਹੈ ਤਾਂ ਸਾਬਿਤ ਕਰੋ। ਉਨ੍ਹਾਂ ਨੇ ਕਿਹਾ ਹੈ ਕਿ ਝੂਠ ਝੂਠ ਹੀ ਰਹਿੰਦਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਹਾਈ ਕੋਰਟ ਉੱਤੇ ਪੂਰਾ ਵਿਸ਼ਵਾਸ ਹੈ।
ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਫਰੀਦਕੋਟ ਨੇ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰੇ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ ਅਤੇ ਕਈ ਮਹੀਨਿਆਂ ਬਾਅਦ ਅੰਗ ਨਜ਼ਦੀਕੀ ਪਿੰਡ ਬਰਗਾੜੀ ਤੋਂ ਬਰਾਮਦ ਹੋਏ ਸਨ। ਜਿਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ ਉੱਪਰ ਪੁਲਿਸ ਦੇ ਵੱਲੋਂ ਪਿੰਡ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਸੀ। ਬਹਿਬਲ ਕਲਾਂ ਗੋਲੀਕਾਂਡ ਦੇ ਵਿੱਚ ਦੋ ਪ੍ਰਦਰਸ਼ਨਕਾਰੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਕੋਟਕਪੂਰਾ ਵਿਖੇ ਗੋਲੀ ਦੀ ਘਟਨਾ ਲਈ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ ਜਿਸ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਬੀਤੇ ਕੱਲ੍ਹ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਚਾਰਜਸ਼ੀਟ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਹੈ। ਇਸ ਤੋ ਇਲਾਵਾ ਚਲਾਨ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ।