ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਪਾਈ ਗਈ ਅਗਾਊਂ ਜ਼ਮਾਨਤ ਅਰਜ਼ੀ ਦਾ ਫੈਸਲਾ ਆ ਚੁੱਕਾ ਹੈ। ਦਸ ਦਈਏ ਕਿ ਕੋਰਟ ਨੇ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਦਿੰਦੇ ਹੋਏ ਉਹਨਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਜਦਕਿ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਵੀ ਖਾਰਜ ਕਰ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਰਾਹਤ ਦਿੰਦੇ ਹੋਏ ਉਹਨਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਲਈ। ਇਹ ਫੈਸਲਾ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਸੁਣਾਇਆ ਹੈ। ਜਿਸ ਤੋਂ ਬਾਅਦ ਹੁਣ ਸੁਖਬੀਰ ਬਾਦਲ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ।
ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ। ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ ਸੀ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ ਪਰ ਅਦਾਲਤ ਨੇ ਫੈਸਲਾ ਅੱਜ ਸੁਣਾਇਆ ਹੈ।
ਹਾਸਲ ਜਾਣਕਾਰੀ ਮੁਤਾਬਕ ਵਿਸ਼ੇਸ਼ ਜਾਂਚ ਟੀਮ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਸੀ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜ਼ਿਸ਼ ਰਚੀ ਸੀ ਤੇ ਪੜਤਾਲ ਦੌਰਾਨ ਸਾਹਮਣੇ ਆਇਆ ਕਿ 2012 ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਕੇ ਪੰਜਾਬ ਵਿੱਚ ਫਿਰਕੂ ਮਾਹੌਲ ਬਣਾ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਜਾਂਚ ਟੀਮ ਨੇ ਕਿਹਾ ਸੀ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਮੁਕੱਦਮੇ ਤੇ ਇਸ ਦੇ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ।
ਇਥੇ ਇਹ ਵੀ ਦਸਣਾ ਬਣਦਾ ਹੈ ਕਿ ਬਰਗਾੜੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਕਿੰਨੀਆਂ ਹੀ ਸਿੱਟ ਦਾ ਗਠਨ ਕੀਤਾ ਗਿਆ ਸੀ ਪਰ ADGP LK Yadav ਦੀ ਅਗਵਾਈ ਵਾਲੀ ਸਿੱਟ ਨੇ ਕੁਝ ਦਿਨ ਪਹਿਲਾਂ ਫਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ 7 ਹਜ਼ਾਰ ਪੰਨ੍ਹਿਆਂ ਦਾ ਚਲਾਨ ਪੇਸ਼ ਕੀਤਾ ਸੀ ਜਿਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਤੋਂ ਇਲਾਵਾ ਕਈਆਂ ਦੇ ਨਾਮ ਸ਼ਾਮਲ ਸਨ। ਹੋਰ ਤਾਂ ਹੋਰ ਪੇਸ਼ ਕੀਤੀ ਚਾਰਜਸ਼ੀਟ ਵਿਚ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਘਟਨਾ ਦਾ ਮਾਸਟਰਮਾਈਂਡ ਕਰਾਰ ਦਿੱਤਾ ਗਿਆ ਸੀ।