ਪੰਜਾਬ ਸਰਕਾਰ ਨੂੰ ਸੱਤਾ ਵਿਚ ਆਇਆ ਪੂਰਾ ਇਕ ਸਾਲ ਬੀਤ ਚੁੱਕਾ ਹੈ। ਇਸ ਦੌਰਾਨ ਜਿਥੇ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾ ਰਹੀ ਹੈ ਉਥੇ ਹੀ ਵਿਰੋਧੀ ਪਾਰਟੀਆਂ ਵਲੋਂ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ। ਇਸ ਦੌਰਾਨ ਇਹ ਵੀ ਇਲਜ਼ਾਮ ਲਗਾਏ ਜਾ ਰਹੇ ਹੈ ਕਿ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਤੋਂ ਵਾਅਦੇ ਕੀਤੇ ਸੀ ਉਹ ਵੀ ਪੂਰੇ ਨਹੀਂ ਕੀਤੇ ਹਨ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਦੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸੇ ਤਹਿਤ ਲੰਬੀ ਵਿਖੇ ਰੱਖੇ ‘ਪੰਜਾਬ ਬਚਾਓ’ ਪ੍ਰੋਗਰਾਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਦੌਰਾਨ ਉਹਨਾਂ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮ ਆਉਣ ‘ਤੇ ਕਿਹਾ ਕਿ ਅਸੀਂ ਭੁੱਲਣ ਵਾਲੇ ਨਹੀਂ ਹਾਂ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ, ਲਾਰੈਂਸ ਬਿਸ਼ਨੋਈ ਹੈ।
ਭਾਈ ਬਲਜੀਤ ਸਿੰਘ ਦਾਦੂਵਾਲ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਭਾਜਪਾ ਦਾ ਏਜੰਟ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਕਦੇ ਵੀ ਭਾਜਪਾ ਨੂੰ ਵੋਟ ਨਹੀਂ ਪਾਉਂਦਾ ਪਰ ਅਸੀਂ ਕਾਂਗਰਸ ਦੇ ਕੀਤੇ ਅੱਤਿਆਚਾਰ ਨੂੰ ਭੁੱਲ ਗਏ ਹਾਂ। ਉਨ੍ਹਾਂ ਕਿਹਾ ਮੌਜੂਦਾ ਸਰਕਾਰ ਤੋਂ ਮਾੜੀ ਸਰਕਾਰ ਪੰਜਾਬ ਲਈ ਹੋਰ ਕੋਈ ਨਹੀਂ ਹੋ ਸਕਦੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਠਪੁਤਲੀ ਹੈ ਅਤੇ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ‘ਤੇ 3 ਪਰਚੇ ਹਨ, ਜਿਸ ‘ਚ ਇਕ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕੇਸ ‘ਚ ਪੇਸ਼ ਚਲਾਨ ‘ਚ ਕਿਹਾ ਗਿਆ ਸੀ ਕਿ ਇਸ ਦਾ ਜ਼ਿੰਮੇਵਾਰ ਬਾਦਲ ਪਰਿਵਾਰ ਹੈ ਪਰ ਉਸ ਚਲਾਨ ‘ਚ ਕਿਸੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰੀ ਦਾ ਨਾਂ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਝੂਠੇ ਕੇਸ ਹਨ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਅਜਿਹੇ ਇਨਸਾਨ ਹਨ ਜੋ ਵਾਅਦਾ ਕਰਦੇ ਹਨ ਉਹ ਪੂਰਾ ਵੀ ਜ਼ਰੂਰ ਕਰਦੇ ਹਨ। ਉਨ੍ਹਾਂ ਕਿਹਾ ਬਾਦਲ ਸਰਕਾਰ ਨੇ ਸੂਬੇ ਦਾ ਤਿਣਕਾ-ਤਿਣਕਾ ਜੋੜ ਕੇ ਪੰਜਾਬ ਨੂੰ ਇੱਥੇ ਤੱਕ ਪਹੁੰਚਾਇਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ‘ਚ ਅਮਨ ਕਾਨੂੰਨ ਦੀ ਵਿਵਸਥਾ ਬਹੁਤ ਮਾੜੀ ਹੈ। ਉਨ੍ਹਾਂ ਨੇ ਬੇਅਦਬੀ ਮਾਮਲੇ ‘ਤੇ ਕਿਹਾ ਕਿ ਇਸ ਉਮਰ ‘ਚ ਪ੍ਰਕਾਸ਼ ਸਿੰਘ ਬਾਦਲ ‘ਤੇ ਝੂਠਾ ਪਰਚਾ ਪਾ ਦਿੱਤਾ ਗਿਆ ਹੈ ਜੋ ਕਿ ਬਹੁਤ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਰਚਾ ਦੇਣਾ ਹੈ ਤਾਂ ਮੇਰੇ ‘ਤੇ ਪੰਜ ਹੋਰ ਦੇ ਦਿਓ ਪਰ ਮੌਜੂਦਾ ਸਰਕਾਰ ਆਪਣੀਆਂ ਕਮੀਆਂ ਲੁਕਾਉਣ ‘ਤੇ ਲੱਗੀ ਹੋਈ ਹੈ।