ਲੰਘੇ ਬੁੱਧਵਾਰ ਨੂੰ ਚੰਡੀਗੜ੍ਹ ਜਾਣ ਦੀ ਕੋਸ਼ਿਸ਼ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਦੀ ਹੋਈ ਹਿੰਸਕ ਝੜਪ ਤੋਂ ਬਾਅਦ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ਨਜ਼ਦੀਕ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਇੱਕ ਦਿਨ ਪਹਿਲਾਂ, ਪੁਲਿਸ ਦੇ ਲਾਠੀਚਾਰਜ ਦੌਰਾਨ ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਭੰਨਤੋੜ ਕੀਤੀ ਸੀ ਜਿਸ ਵਿਚ ਘੱਟੋ-ਘੱਟ 7 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ, ਜਿਸ ਤੋਂ ਬਾਅਦ ਪੁਲਿਸ ਨੇ ਮੋਰਚੇ ਦੇ ਆਗੂਆਂ ਖਿਲਾਫ਼ ਪਰਚਾ ਵੀ ਦਰਜ ਕਰ ਲਿਆ ਸੀ।
ਦੱਸ ਦਈਏ ਕਿ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦੇ ਕਾਰਕੁਨਾਂ ਅੱਜ ਇਕ ਵਾਰ ਫਿਰ ਤੋਂ ਚੰਡੀਗੜ੍ਹ ਵੱਲ ਕੂਚ ਕਰਨਗੇ ਜਿਸ ਕਾਰਨ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਦ ਕੀਤੇ ਹੋਏ ਹਨ ਤਾਂ ਜੋ ਕੋਈ ਅਣਸੁਖਾਵੀਂ ਨਾ ਵਾਪਰ ਸਕੇ।
ਦੱਸ ਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖ-ਵੱਖ ਜਥੇਬੰਦੀਆਂ ਅਤੇ ਆਗੂਆਂ ਵਲੋਂ ਕੌਮੀ ਇਨਸਾਫ਼ ਮੋਰਚੇ ਵਿਚ ਸ਼ਿਰਕਤ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਵੀ ਬੁੱਧਵਾਰ ਨੂੰ ਕਥਿਤ ਤੌਰ ‘ਤੇ ਪ੍ਰਦਰਸ਼ਨ ਵਾਲੀ ਥਾਂ ਦਾ ਦੌਰਾ ਕੀਤਾ ਸੀ। ਸਥਾਨਕ ਰਿਪੋਰਟਾਂ ਅਨੁਸਾਰ, ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਕਾਰੀ ਬੁੱਧਵਾਰ ਨੂੰ ਦੁਪਹਿਰ 1 ਵਜੇ ਦੇ ਕਰੀਬ ਸਰਹੱਦ ਨੇੜੇ ਇਕੱਠੇ ਹੋਏ ਅਤੇ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਜਦੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ ਤਾਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋਈ ਹੋ ਗਈ ਸੀ।