ਅਕਾਲੀ ਦਲ ਨੇ ਇਸ ਸਾਲ 26 ਜਨਵਰੀ ਨੂੰ ਦਿੱਲੀ ‘ਚ ਹੋਣ ਵਾਲੀ ਪਰੇਡ ‘ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕੀਤੇ ਜਾਣ ’ਤੇ ਇਤਰਾਜ਼ ਜ਼ਾਹਰ ਕੀਤਾ ਹੈ। ਅਕਾਲੀ ਦਲ ਵੱਲੋਂ ਇਸ ਫ਼ੈਸਲੇ ਦੀ ਮੁੜ ਸਮੀਖਿਆ ਕਰਨ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਜਾਰੀ ਕਰਦਿਆਂ ਕਿਹਾ ਕਿ ਮੈੰ ਇਹ ਜਾਣ ਕੇ ਹੈਰਾਨ ਹਾਂ ਕਿ GOI ਨੇ 74ਵੀਂ ਆਰ-ਡੇਅ ਪਰੇਡ ਲਈ ਪੰਜਾਬ ਦੀ ਝਾਂਕੀ ਨੂੰ ਰੱਦ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਸਾਨੂੰ ਆਜ਼ਾਦੀ ਦੀ ਲੜਾਈ ਵਿੱਚ ਸਾਡੇ ਸੱਭਿਆਚਾਰ ਅਤੇ ਯੋਗਦਾਨ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਹੈ! GOI ਨੂੰ ਆਪਣੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕਰਦੇ ਹੋਏ, ਮੈਂ Pb CM @BhagwantMann ਨੂੰ ਵੀ ਜਾਗਣ ਅਤੇ GOI ਕੋਲ ਇਸ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਅਪੀਲ ਕਰਦਾ ਹਾਂ।
ਇਸ ਤੋਂ ਇਲਾਵਾ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦੀ ਖੜਗ ਭੁਜਾ ਹੈ ਅਤੇ ਪੰਜਾਬ ਦਾ ਅਮੀਰ ਵਿਰਸਾ ਤੇ ਸੱਭਿਆਚਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਵੀ ਲਾ-ਮਿਸਾਲ ਹੈ ਅਤੇ ਇਸਦਾ ਦੇਸ਼ ਦੀ ਆਜ਼ਾਦੀ ‘ਚ ਵੱਡਾ ਯੋਗਦਾਨ ਰਿਹਾ ਹੈ ਅਤੇ ਦੇਸ਼ ਦੀ ਅਨਾਜ ਭੰਡਾਰ ਦੀ ਲੋੜ ਪੂਰਾ ਕਰਨ ‘ਚ ਵੀ ਬਹੁਤ ਵੱਡਾ ਯੋਗਦਾਨ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਇਸ ਦੀ ਝਾਂਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਨਹੀਂ ਕੀਤਾ ਜਾ ਰਿਹਾ ਹੈ। ਇਹ ਪੂਰੀ ਤਰ੍ਹਾਂ ਨਾਲ ਨਾਜਾਇਜ਼ ਹੈ ਅਤੇ ਇਸ ਦੀ ਸਮੀਖਿਆ ਕੀਤੇ ਜਾਣ ਦੀ ਲੋੜ ਹੈ।