ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਿੰਦਰੇ ਲਗਾਉਣ ਦਾ ਮਾਮਲਾ ਗਰਮਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ। ਇਸ ਮਾਮਲੇ ਦੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ ’ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਇਹ ਧੱਕੇਸ਼ਾਹੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰ ਰਹੀ ਹੈ, ਜਦਕਿ ਹਰਿਆਣਾ ਸਰਕਾਰ ਧੱਕੇ ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ।
ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋ ਪੁਲਿਸ ਪ੍ਰਸ਼ਾਸਨ ਜ਼ਰੀਏ ਧੱਕੇ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਹਥਿਆਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਮਨਸ਼ਾ ਨਾਲ ਹੀ ਅੱਜ ਪੁਲਿਸ ਦੇ ਮੁਲਾਜ਼ਮ ਅਤੇ ਹਰਿਆਣਾ ਕਮੇਟੀ ਦੇ ਆਗੂ ਗੁਰਦੁਆਰਾ ਸਾਹਿਬ ਗਏ ਅਤੇ ਗੋਲਕ ਨੂੰ ਤਾਲਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦੇ ਕੇ ਸਿੱਖਾਂ ਨੂੰ ਪਾੜਨ ਦਾ ਜਤਨ ਕਰਦੀ ਸੀ ਅਤੇ ਹੁਣ ਉਸੇ ਰਾਹ ‘ਤੇ ਭਾਜਪਾ ਵੀ ਤੁਰੀ ਹੋਈ ਹੈ।