29 ਜਨਵਰੀ ਨੂੰ ਪਟਿਆਲਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਨੇਤਾ ਅਮਿਤ ਸ਼ਾਹ ਦੀ ਹੋਣ ਵਾਲੀ ਰੈਲੀ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਪ੍ਰਧਾਨ ਕੇਕੇ ਮਲਹੋਤਰਾ ਨੇ ਦਿੱਤੀ ਹੈ। ਉਹਨਾਂ ਦੱਸਿਆ ਕਿ ਕੁਝ ਕਾਰਨਾਂ ਕਰਕੇ ਇਹ ਰੈਲੀ ਮੁਲਤਵੀ ਕੀਤੀ ਗਈ ਹੈ। ਅਗਲੇ ਪ੍ਰੋਗਰਾਮ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਰੱਦ ਹੋਣ ਨੂੰ ਪਟਿਆਲਾ ਜ਼ਿਲ੍ਹਾ ਭਾਜਪਾ ਕਾਰਜਕਾਰਨੀ ਵਿੱਚ ਚੱਲ ਰਹੇ ਵਿਵਾਦ ਨਾਲ ਵੀ ਜੋੜਿਆ ਜਾ ਰਿਹਾ ਹੈ। ਜ਼ਿਲ੍ਹਾ ਕਾਰਜਕਾਰਨੀ ਦੇ ਵੱਡੀ ਗਿਣਤੀ ਮੈਂਬਰ ਜ਼ਿਲ੍ਹਾ ਸ਼ਹਿਰੀ ਮੁਖੀ ਕੇਕੇ ਮਲਹੋਤਰਾ ਦੇ ਖ਼ਿਲਾਫ਼ ਹੋ ਗਏ ਹਨ।
ਜ਼ਿਲ੍ਹਾ ਪ੍ਰਧਾਨ ਖ਼ਿਲਾਫ਼ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਅੜੀਅਲ ਭਾਜਪਾਈਆਂ ਨੇ ਪਹਿਲਾਂ ਹੀ ਇਹ ਮਾਮਲਾ ਕੇਂਦਰੀ ਮੰਤਰੀ ਕੋਲ ਉਠਾਉਣ ਦਾ ਐਲਾਨ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਦੇ ਦੌਰੇ ਤੋਂ ਪਹਿਲਾਂ ਮਾਮਲਾ ਹੱਲ ਨਾ ਹੋਣ ਕਾਰਨ ਪਟਿਆਲਾ ਵਿੱਚ ਹੋਣ ਵਾਲੀ ਰੈਲੀ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪੰਜਾਬ ਫੇਰੀ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਉਹਨਾਂ ਦੇ ਦੌਰੇ ਦੀਆਂ ਨਵੀਆਂ ਤਰੀਕਾਂ ਜਲਦ ਹੀ ਸਾਂਝੀਆਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਖ਼ੁਦ ਭਾਜਪਾ ਆਗੂ ਪਰਮਿੰਦਰ ਬਰਾੜ ਨੇ ਟਵੀਟ ਕਰ ਕੇ ਦਿੱਤੀ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਆ ਰਹੇ ਸੀ। ਕਿਉਂਕਿ ਪਟਿਆਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਹੈ। ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਇਹ ਕੈਪਟਨ ਅਮਰਿੰਦਰ ਸਿੰਘ ਲਈ ਤਾਕਤ ਦਾ ਪ੍ਰਦਰਸ਼ਨ ਹੋਵੇਗਾ।