ਪੰਜਾਬ ’ਚ ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਸਟੈਂਡ ਲੈ ਲਿਆ ਹੈ। ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਸੂਬੇ ’ਚ ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਹੈ ਸਿਰਫ ਸ਼ੱਕ ਦੇ ਆਧਾਰ ’ਤੇ ਵੱਡੀ ਗਿਣਤੀ ‘ਚ ਨੌਜਵਾਨ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ ਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਵਕੀਲਾਂ ਦੀ 15 ਮੈਂਬਰੀ ਕਮੇਟੀ ਬਣਾਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ’ਚ ਪਾਰਟੀ ਆਗੂਆਂ ਨਾਲ ਤਾਲਮੇਲ ਕਰ ਕੇ ਫੌਰੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ।
ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਵਧੀਕੀ ਹੋਣ ਦੇ ਮਾਮਲੇ ਪਾਰਟੀ ਤੇ ਸੂਬਾ ਪੱਧਰੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ ਤਾਂ ਜੋ ਪੀੜਤ ਨੌਜਵਾਨਾਂ ਨੂੰ ਇਨਸਾਫ ਦਿਵਾਇਆ ਜਾ ਸਕੇ। ਦੂਜੇ ਪਾਸੇ ਕਾਂਗਰਸ ਤੇ ਬੀਜੇਪੀ ਇਸ ਐਕਸ਼ਨ ਦਾ ਸਵਾਗਤ ਕਰ ਰਹੀਆਂ ਹਨ।
ਦੱਸ ਦਈਏ ਕਿ ਸ਼ੁਰੂ ਵਿੱਚ ਸਿਆਸੀ ਪਾਰਟੀਆਂ ਇਸ ਐਕਸ਼ਨ ਬਾਰੇ ਖਾਮੋਸ਼ ਸੀ। ਕੁਝ ਖਾਲਿਸਤਾਨ ਪੱਖੀ ਧਿਰਾਂ ਤੋਂ ਇਲਾਵਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਨੇ ਇਸ ਐਕਸ਼ਨ ਦਾ ਵਿਰੋਧ ਕੀਤਾ ਸੀ। ਹੁਣ ਆਮ ਆਦਮੀ ਪਾਰਟੀ ਨੇ ਖੁੱਲ੍ਹ ਤੇ ਇਸ ਐਕਸ਼ਨ ਦੀ ਹਮਾਇਤ ਕੀਤੀ ਹੈ ਤਾਂ ਅਕਾਲੀ ਦਲ ਨੇ ਇਸ ਦੇ ਉਲਟ ਸਟੈਂਡ ਲਿਆ ਹੈ।