ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦਾ ਮਾਮਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਧਾਰਮਿਕ ਮੁੱਦਿਆਂ ’ਤੇ ਸਰਕਾਰਾਂ ਦੀ ਅਣਦੇਖੀ ਖ਼ਿਲਾਫ਼ ਸਿੱਖ ਭਾਈਚਾਰੇ ਵਿਚ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਹੱਕਾਂ ਲਈ ਇਨਸਾਫ਼ ਲੈਣ ਲਈ ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਕੜਾਕੇ ਦੀ ਠੰਢ ਵਿੱਚ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਲਗਾਇਆ ਗਿਆ ਲੜੀਵਾਰ ਧਰਨਾ ਜਾਰੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਵੀ ਨੌਜਵਾਨਾਂ ਨੂੰ ਸੋਮਵਾਰ ਨੂੰ ਧਰਨੇ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਵੀ ਸਿੱਖ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਸੰਸਥਾ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਇਲਾਕੇ ਦੇ ਦੋਧੀਆਂ ਵੱਲੋਂ ਰੋਜ਼ਾਨਾ ਧਰਨੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਤੇ ਸੰਗਤ ਲਈ ਦੁੱਧ ਦੀ ਸੇਵਾ ਕੀਤੀ ਜਾਵੇਗੀ।
ਬਾਪੂ ਗੁਰਚਰਨ ਸਿੰਘ, ਭਾਈ ਜਸਵਿੰਦਰ ਸਿੰਘ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਹਾਕਮ ਧਿਰਾਂ ਸਿੱਖਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ। ਉਨ੍ਹਾਂ ਐਲਾਨ ਕੀਤਾ ਕਿ ਧਰਨੇ ਵਿੱਚ ਰੋਜ਼ਾਨਾ ਪੰਥ ਦਰਦੀਆਂ ਦੀ ਆਮਦ ਵਧਦੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਤੇ ਸੂਬਾ ਸਰਕਾਰ ਨੂੰ ਸਿੱਖਾਂ ਦੇ ਰੋਹ ਅੱਗੇ ਗੋਡੇ ਟੇਕਣ ਲਈ ਮਜਬੂਰ ਹੋਣਾ ਪਵੇਗਾ।
ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਦਹਾਕਿਆਂ ਤੋਂ ਸਿੱਖਾਂ ਨਾਲ ਬੇਇਨਸਾਫੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਪੱਕੇ ਮੋਰਚੇ ਵਿੱਚ ਸੰਗਤ ਦਾ ਇਕੱਠ ਵਧ ਰਿਹਾ ਹੈ ਤੇ ਹੁਣ ਪਿੰਡਾਂ ਦੀ ਸੰਗਤ ਦੇ ਨਾਲ-ਨਾਲ ਚੰਡੀਗੜ੍ਹ ਤੇ ਮੁਹਾਲੀ ਦੀ ਸੰਗਤ ਵਹੀਰਾਂ ਘੱਤ ਕੇ ਆਉਣ ਲੱਗੀ ਹੈ। ਨਿਹੰਗ ਸਿੰਘ ਜਥੇਬੰਦੀ 96 ਕਰੋੜੀ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ 16 ਜਨਵਰੀ ਨੂੰ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।