ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬੋਲੀਵੁੱਡ ਅਦਾਕਾਰਾ ਪ੍ਰਣੀਤੀ ਚੋਪੜਾ ਦੀ ਮੰਗਣੀ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸ਼ਾਮਲ ਹੋਣ ਵਾਲੇ ਮਾਮਲੇ ਨੂੰ ਲੈਕੇ ਅੱਜ ਵੱਡਾ ਫੈਸਲਾ ਐਸਜੀਪੀਸੀ ਵਲੋਂ ਲਿਆ ਜਾ ਸਕਦਾ ਹੈ ਕਿਉਂਕਿ ਅੱਜ 20 ਮਈ ਹੈ ਅਤੇ ਅੱਜ ਦੇ ਦਿਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਣੀ ਹੈ।
ਦਸ ਦਈਏ ਕਿ ਜਥੇਦਾਰ ਦੇ ਰਾਘਵ ਚੱਢਾ ਦੀ ਮੰਗਣੀ ‘ਚ ਸ਼ਾਮਲ ਹੋਣ ‘ਤੇ ਜਿਥੇ ਸ਼੍ਰੋਮਣੀ ਅਕਾਲੀ ਦਲ ਨਾਰਾਜ਼ ਸੀ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਦੇ ਜਾਣ ‘ਤੇ ਇਤਰਾਜ਼ ਜਤਾਇਆ ਗਿਆ ਸੀ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆਏ ਹਨ। ਸ਼ੋਮਣੀ ਅਕਾਲੀ ਦਲ ਵੱਲੋਂ ਇਸ ਉੱਤੇ ਇਸ ਦਾ ਇਤਰਾਜ਼ ਵੀ ਜਤਾਇਆ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਵਿਚਾਲ ਰਹੇ ‘ਕਲੇਸ਼’ ਵਿੱਚ ਰਾਘਵ ਚੱਢਾ ਦੀ ਮੰਗਣੀ ਨੇ ਅੱਗ ਵਿੱਚ ਘਿਓ ਪਾਉਣ ਦਾ ਕੰਮ ਕੀਤਾ ਹੈ।