ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਲੰਧਰ ਜ਼ਿਮਣੀ ਚੋਣ ਜਿੱਤਣ ਵਾਲੇ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਦਸ ਦਈਏ ਕਿ ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ‘ਆਪ’ ਦੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਸੰਸਦ ਮੈਂਬਰ ਸੁਸ਼ੀਲ ਰਿੰਕ ਦੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਲੋਕ ਸਭਾ ‘ਚ ਸਹੁੰ ਚੁੱਕਣ ਦੀ ਵੀਡੀਓ ਵੀ ਸ਼ੇਅਰ ਕੀਤੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਜਲੰਧਰ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਜ਼ਿਕਰ ਕਰ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਇੱਕੋ-ਇੱਕ ਮੈਂਬਰ ਹੋਣਗੇ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਭਗਵੰਤ ਮਾਨ ਤੋਂ ਖਾਲੀ ਹੋਈ ਲੋਕ ਸਭਾ ਸੀਟ ‘ਤੇ ਚੋਣ ਜਿੱਤੀ ਸੀ। ਕਾਬਿਲੇਗੌਰ ਹੈ ਕਿ ਸਾਲ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸੰਗਰੂਰ ਤੋਂ ਸਿਰਫ਼ ਭਗਵੰਤ ਮਾਨ ਹੀ ਜਿੱਤੇ ਸਨ।