6 ਬਾਲਗ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅਦਾਲਤ ਨੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ‘ਚ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ ‘ਚ ਸੁਣਵਾਈ ਹੋਈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਸਕੱਤਰ ਵਿਨੋਦ ਤੋਮਰ ਨੂੰ ਵੀ ਸੰਮਨ ਭੇਜੇ ਗਏ ਹਨ। ਦੋਵਾਂ ਨੂੰ 18 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।
ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੁਲਿਸ ਨੇ ਚਾਰਜਸ਼ੀਟ ਵਿੱਚ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਆਈਪੀਸੀ ਦੀ ਧਾਰਾ 354, 354-ਏ ਅਤੇ 354-ਡੀ ਦੇ ਤਹਿਤ ਅਤੇ ਸਹਿ ਦੋਸ਼ੀ ਵਿਨੋਦ ਤੋਮਰ ਦੇ ਖਿਲਾਫ ਧਾਰਾ 109, 354, 354 (ਏ), 506 ਦੇ ਤਹਿਤ ਆਰੋਪ ਲਗਾਏ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 1 ਜੁਲਾਈ ਨੂੰ ਹੋਈ ਸੀ। ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਨੇ ਜਿਨਸੀ ਸ਼ੋਸ਼ਣ ਮਾਮਲੇ ‘ਚ ਦਾਇਰ ਚਾਰਜਸ਼ੀਟ ‘ਤੇ ਵਿਚਾਰ ਕਰਨ ਲਈ 7 ਜੁਲਾਈ ਦੀ ਤਰੀਕ ਤੈਅ ਕੀਤੀ ਸੀ।
ਇਥੇ ਇਹ ਵੀ ਦਸ ਦਈਏ ਕਿ ਨਾਬਾਲਗ ਪਹਿਲਵਾਨ ਦੇ ਬਿਆਨਾਂ ‘ਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਦਰਜ ਕੀਤੇ ਗਏ ਕੇਸ ਦੀ ਕਲੋਜ਼ਰ ਰਿਪੋਰਟ ‘ਤੇ ਮੰਗਲਵਾਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ ‘ਚ ਸੁਣਵਾਈ ਹੋ ਚੁੱਕੀ ਹੈ। ਕੈਂਸਲੇਸ਼ਨ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਬਿਆਨ ਬਦਲਣ ‘ਤੇ ਨਾਬਾਲਗ ਪਹਿਲਵਾਨ ਅਤੇ ਉਸਦੇ ਪਿਤਾ ਨੂੰ ਨੋਟਿਸ ਜਾਰੀ ਕਰਕੇ ਬਿਆਨ ਬਦਲਣ ਦਾ ਕਾਰਨ ਪੁੱਛਿਆ ਹੈ। ਅਦਾਲਤ ਨੇ ਦੋਵਾਂ ਤੋਂ 1 ਅਗਸਤ ਤੱਕ ਜਵਾਬ ਮੰਗਿਆ ਹੈ। ਇਸ ਦੌਰਾਨ ਜੱਜ ਨੇ ਕਿਹਾ ਕਿ ਅਦਾਲਤ ਨਾਬਾਲਗ ਦਾ ਪੱਖ ਜਾਣਨਾ ਚਾਹੁੰਦੀ ਹੈ। ਨਾਬਾਲਗ ਦਾ ਪੱਖ ਆਉਣ ਤੋਂ ਬਾਅਦ ਹੀ ਅਦਾਲਤ ਕੇਸ ਨੂੰ ਰੱਦ ਕਰਨ ਬਾਰੇ ਫੈਸਲਾ ਲਵੇਗੀ।
ਜ਼ਿਕਰ ਕਰ ਦਈਏ ਕਿ ਬ੍ਰਿਜ ਭੂਸ਼ਣ ਖਿਲਾਫ ਕਰੀਬ 7 ਗਵਾਹ ਮਿਲੇ ਹਨ। ਇਸ ਦੇ ਨਾਲ ਹੀ ਜਿਨਸੀ ਸ਼ੋਸ਼ਣ ਦੇ ਕਥਿਤ ਸਥਾਨ ‘ਤੇ ਉਸ ਦੀ ਮੌਜੂਦਗੀ ਦੇ ਵੀ ਸਬੂਤ ਮਿਲੇ ਹਨ। ਚਾਰਜਸ਼ੀਟ ਦੀ ਪਹਿਲੀ ਸੁਣਵਾਈ ‘ਤੇ ਅਦਾਲਤ ਨੇ ਇਸ ਨੂੰ MP-MLA ਕੋਰਟ ‘ਚ ਟ੍ਰਾਂਸਫਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਸੋਮਵਾਰ ਨੂੰ ਅਦਾਲਤ ਨੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ ਦੀ ਕਾਪੀ ਸ਼ਿਕਾਇਤਕਰਤਾ ਪਹਿਲਵਾਨਾਂ ਨੂੰ ਦੇਣ ਦੇ ਹੁਕਮ ਦਿੱਤੇ ਹਨ।
ਬਾਲਗ ਪਹਿਲਵਾਨਾਂ ਦੇ ਮਾਮਲੇ ਵਿੱਚ ਪੁਲਿਸ ਨੇ 1500 ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਵਿੱਚ ਪੁਲਿਸ ਨੇ ਪਹਿਲਵਾਨਾਂ ਵੱਲੋਂ ਸੀਆਰਪੀਸੀ ਦੀ ਧਾਰਾ 164 ਤਹਿਤ ਮੈਜਿਸਟਰੇਟ ਅੱਗੇ ਦਿੱਤੇ ਬਿਆਨ ਨੂੰ ਚਾਰਜਸ਼ੀਟ ਦਾ ਮੁੱਖ ਆਧਾਰ ਮੰਨਿਆ ਹੈ। ਪੁਲਿਸ ਨੇ ਦੱਸਿਆ ਕਿ ਜਿਸ ਜਗ੍ਹਾ ‘ਤੇ ਬਾਲਗ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਹਨ, ਉੱਥੇ ਮੁਲਜ਼ਮਾਂ ਦੀ ਮੌਜੂਦਗੀ ਦੇ ਸਬੂਤ ਮਿਲੇ ਹਨ।