ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭਿਆਨਕ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਪੰਜਾਬ ਵਿੱਚ ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜਿਸ ਦਿਨ ਅਜਨਾਲਾ ਵਿੱਚ ਘਟਨਾ ਵਾਪਰੀ, ਉਸ ਦਿਨ ਸੀਐਮ ਮਾਨ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬੈਠਾ ਸੀ। ਉਹਨਾਂ ਅੰਮ੍ਰਿਤਪਾਲ ਸਿੰਘ ਬਾਰੇ ਵੀ ਗੱਲ ਕਰਦਿਆਂ ਕਿਹਾ ਉਸਨੂੰ ਸਰਕਾਰ ਨੂੰ ਚੈਲਿੰਜ ਨਹੀਂ ਕਰਨਾ ਚਾਹੀਦਾ। ਜੇਕਰ ਉਹ ਸਰਕਾਰ ਨੂੰ ਚੈਲਿੰਜ ਕਰੇਗਾ ਇਸ ਨਾਲ ਸੂਬੇ ਦੇ ਹਾਲਾਤ ਹੀ ਖਰਾਬ ਹੋਣਗੇ। ਉਨ੍ਹਾਂ ਕਿਹਾ ਕਿ ਕੋਈ ਨਹੀਂ ਚਾਹੁੰਦਾ ਕਿ ਪੰਜਾਬ ਦੇ ਹਾਲਾਤ 80-90 ਦੇ ਦਹਾਕੇ ਵਾਲੇ ਬਣਨ, ਇਸ ਲਈ ਸੂਬਾ ਸਰਕਾਰ ਨੂੰ ਸਖਤ ਕਦਮ ਚੁੱਕਣੇ ਪੈਣਗੇ।