ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਉਹਨਾਂ ਦੇ ਪਰਿਵਾਰਕ ਮੈਂਬਰ ਦੇਰ ਰਾਤ ਮਿਲਣ ਲਈ ਪਹੁੰਚੇ। ਇਸ ਮੌਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਜਾ ਕੇ ਪਰਿਵਾਰਕ ਮੈਂਬਰਾਂ ਨੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਮੁਲਾਕਾਤ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਸੰਤੁਸ਼ਟ ਅਤੇ ਉਨ੍ਹਾਂ ਨੇ ਜੇਲ੍ਹ ਪ੍ਰਬੰਧਾਂ ਨੂੰ ਲੈ ਕੇ ਤਸੱਲੀ ਜਤਾਈ ਹੈ। ਇਸ ਮੁਲਾਕਾਤ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੰਮ੍ਰਿਤਸਰ ਤੋਂ ਹਵਾਈ ਜਹਾਜ਼ ਰਾਹੀਂ ਅਸਾਮ ਲਈ ਲੈ ਕੇ ਗਏ ਸਨ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ, ਜਿਸ ਤਹਿਤ ਮੁਲਾਕਾਤ ਦਾ ਕਰਵਾਈ ਗਈ ਹੈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਇਕ ਹੋਰ ਪਰਿਵਾਰਕ ਮੈਂਬਰ ਵੀ ਬਾਕੀ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ‘ਚ ਸ਼ਾਮਲ ਸਨ।
ਇਸਦੇ ਨਾਲ ਹੀ ਵਕੀਲ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਨੇ ਸੁਨੇਹਾ ਭੇਜਿਆ ਹੈ ਕਿ ਸਿੱਖਾਂ ‘ਤੇ ਹੋਏ ਕੇਸਾਂ ਲਈ ਕੋਈ ਨਿੱਜੀ ਤੌਰ ‘ਤੇ ਅਦਾਲਤ ਨਾ ਜਾਵੇ ਅਤੇ ਜਲਦ ਹੀ ਵਕੀਲਾਂ ਦਾ ਪੈਨਲ ਤਿਆਰ ਹੋਵੇਗਾ ਜਿਹੜਾ ਇਨ੍ਹਾਂ ਕੇਸਾਂ ਦੀ ਪੈਰਵੀ ਕਰੇਗਾ।