ਅੱਜ ਪੂਰੇ ਪੰਜਾਬ ਵਿਚ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਓਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਭਾਰੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਉਥੇ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹਰਪ੍ਰੀਤ ਸਿੰਘ ਵਲੋਂ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਸੰਗਤਾਂ ਦੇ ਇਥੇ ਪਹੁੰਚਣ ਲਈ ਧੰਨਵਾਦ ਕੀਤਾ। ਨਾਲ ਹੀ ਉਹਨਾਂ ਨੇ ਖਾਲਸਾ ਸਾਜਣਾ ਦਿਵਸ ਅਤੇ ਵਿਸਾਖੀ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਜਥੇਦਾਰ ਸਾਹਿਬ ਨੇ ਆਪਣੇ ਸੰਬੋਧਨ ਵਿਚ ਇਹ ਇਲਜ਼ਾਮ ਲਗਾਏ ਕਿ ਪੁਲਿਸ ਵਲੋਂ ਗੁਰੂ ਘਰ ਆ ਰਹੀਆਂ ਸੰਗਤਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਦੱਸ ਦੇਈਏ ਕਿ ਇਸ ਵਾਰ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਪੰਜਾਬ ਪੁਲਸ ਵੀ ਕਾਫ਼ੀ ਮੁਸਤੈਦ ਹੈ ਤੇ ਦਮਦਮਾ ਸਾਹਿਬ ਵਿਖੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਮਨ-ਸ਼ਾਂਤੀ ਨੂੰ ਭੰਗ ਨਾ ਕਰ ਸਕੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਦਾ ਆਦੇਸ਼ ਹੈ ਕਿ ਹਰ ਸਿੱਖ ਨੂੰ ਆਪਣੇ ਘਰ ‘ਚ ਕਿਰਪਾਨ ਜ਼ਰੂਰ ਰੱਖਣੀ ਚਾਹੀਦੀ ਹੈ ਅਤੇ ਅਸੀਂ ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਅਸੀਂ ਪਿੱਛੇ ਨਹੀਂ ਛੱਡ ਸਕਦੇ। ਗੁਰੂ ਸਾਹਿਬ ਨੇ ਜੇਕਰ ਸਾਨੂੰ ਕਕਾਰ ਵਜੋਂ ਤੇ ਜਬਰ-ਜ਼ੁਲਮ ਦਾ ਟਾਕਰਾ ਕਰਨ ਲਈ ਕਿਰਪਾਨ ਸੌਂਪੀ ਹੈ ਤਾਂ ਸਾਨੂੰ ਇਸ ਦੀ ਕਦਰ ਕਰਨੀ ਚਾਹੀਦੀ ਹੈ ਤੇ ਇਸ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਰਾਜ ਸ਼ਸ਼ਤਰਾਂ ਦੇ ਅਧੀਨ ਹੈ। ਉਹਨਾਂ ਕਿਹਾ ਕਿ ਸ੍ਰੀ ਸਾਹਿਬ ਸਾਡੀ ਪਰੰਪਰਾ ਦਾ ਹਿੱਸਾ ਹੈ ਪਰ ਜਿਨ੍ਹਾਂ ਨੂੰ ਇਸਦੀ ਅਹਿਮੀਅਤ ਨਹੀਂ ਪਤਾ ਉਹ ਸ੍ਰੀ ਸਾਹਿਬ ‘ਤੇ ਵੀ ਪਾਬੰਦੀਆਂ ਲਗਾਉਣ ਦੀ ਗੱਲ ਕਰ ਰਹੇ ਹਨ।