ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ ਮੌਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ 76 ਹੋਰ ਆਮ ਆਦਮੀ ਕਲੀਨਿਕ ਖੋਲ੍ਹੇਗੀ। ਇਸ ਦੀ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਾਂਝੀ ਕੀਤੀ। ਇਸਦੇ ਨਾਲ ਹੀ ਸਿਹਤ ਮੰਤਰੀ ਨੇ ਦੱਸਿਆ ਕਿ 40 ਸਰਕਾਰੀ ਹਸਪਤਾਲਾਂ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਇਸ ਸਮੇਂ ਸੂਬੇ ਵਿੱਚ 583 ਮੁਹੱਲਾ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿੱਚੋਂ 76 ਕਲੀਨਿਕਾਂ ਦਾ ਵਾਧਾ ਹੋਣ ਜਾ ਰਿਹਾ ਹੈ, ਜਿਸ ਤੋਂ ਬਾਅਦ ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ। ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਸੀਐਮ ਮਾਨ 14 ਅਗਸਤ ਨੂੰ ਨਵੇਂ ਕਲੀਨਿਕਾਂ ਦਾ ਉਦਘਾਟਨ ਕਰਨਗੇ। ਸੂਬੇ ਵਿੱਚ ਹੁਣ ਤੱਕ 35 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ। ਇਸਦੇ ਨਾਲ ਹੀ ਉਹਨਾਂ ਦੱਸਿਆ ਕਿ ਸਰਕਾਰ ਵਲੋਂ AI ਯਾਨੀ Artificial intelligence ਦਾ ਇਸਤੇਮਾਲ ਵੀ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੀ ਬੀਮਾਰੀਆਂ ਦਾ ਪਤਾ ਚੱਲ ਸਕੇ। ਦਸ ਦਈਏ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ।
ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਸਨ। ਕੇਜਰੀਵਾਲ ਸਰਕਾਰ ਦੇ ਇਸ ਕਦਮ ਦੀ ਕਾਫੀ ਤਾਰੀਫ ਹੋਈ। ਇਸ ਤੋਂ ਬਾਅਦ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਥੇ ਵੀ ਮੁਹੱਲਾ ਕਲੀਨਿਕ ਸ਼ੁਰੂ ਕੀਤੇ, ਜਿੱਥੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।