ਰੋਡਰੇਜ ਮਾਮਲੇ ‘ਚ ਸਜ਼ਾ ਕੱਟਣ ਤੋਂ ਬਾਅਦ ਬਾਹਰ ਆਉਂਦਿਆਂ ਸਾਰ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਇਸ ਮਾਮਲੇ ਨੂੰ ਲੈਕੇ ਹਾਈਕੋਰਟ ‘ਚ ਪਾਈ ਪਟੀਸ਼ਨ ‘ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਜਿਸ ਵਿਚ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕੇਂਦਰੀ ਏਜੰਸੀਆਂ ਵਲੋਂ ਮਿਲੀ ਸੀਲਬੰਦ ਰਿਪੋਰਟ ਹਾਈਕੋਰਟ ਵਿਚ ਸੌਂਪ ਦਿੱਤੀ ਸੀ ਅਤੇ ਹੁਣ ਉਹ ਰਿਪੋਰਟਾਂ ਦੇਖਣ ਮਗਰੋਂ ਅਦਾਲਤ ਨੇ ਸਿੱਧੂ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਨੂੰ ਲੈ ਕੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਘਰ ਦੀ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿ ਰੋਡਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ ‘ਚ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਇਸ ਤੋਂ ਬਾਅਦ ਹਾਈਕੋਰਟ ‘ਚ ਪਾਈ ਆਪਣੀ ਪਟੀਸ਼ਨ ‘ਚ ਨਵਜੋਤ ਸਿੱਧੂ ਨੇ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।