ਪੰਜਾਬ ਦੇ ਕਈ ਅਹਿਮ ਮਾਮਲਿਆਂ ਨੂੰ ਲੈਕੇ ਪੰਜਾਬ ਮੰਤਰੀ ਮੰਡਲ ਨੇ ਅੱਜ ਮੀਟਿੰਗ ਕੀਤੀ ਜੋ ਹੁਣ ਖ਼ਤਮ ਹੋ ਚੁੱਕੀ ਹੈ। ਇਹ ਮੀਟਿੰਗ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ ਲਗਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਮਿਲਕਫੈੱਡ ‘ਚ 500 ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਭਰਤੀ ਗਰੁੱਪ ਸੀ ਅਤੇ ਡੀ ‘ਚ ਕੀਤੀ ਜਾਵੇਗੀ। ਹਰਪਾਲ ਚੀਮਾ ਨੇ ਦੱਸਿਆ ਕਿ ਇਹ ਅਸਾਮੀਆਂ ਪਿਛਲੇ 5 ਸਾਲਾਂ ਤੋਂ ਖ਼ਾਲੀ ਪਈਆਂ ਸਨ।
ਇਸ ਤੋਂ ਇਲਾਵਾ ਸਕੱਤਰੇਤ ‘ਚ 150 ਸੇਵਾਦਾਰਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲਾਂ ਦੀ ਸਾਂਭ-ਸੰਭਾਲ, ਸਫ਼ਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 33 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਹਰਪਾਲ ਚੀਮਾ ਨੇ ਦੱਸਿਆ ਕਿ ਸਕਰੈਪਿੰਗ ਪਾਲਿਸੀ ਅਧੀਨ ਨਵੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਹੈ।