ਪਟਿਆਲਾ: ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਮੈਗਾ ਮਾਪੇ ਅਤੇ ਅਧਿਆਪਕ ਮਿਲਣੀ (Mega PTM) ਦਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਟਿਆਲਾ ਦੇ ਇਕ ਸਰਕਾਰੀ ਸਕੂਲ ਵਿਚ ਪਹੁੰਚੇ। ਜਿੱਥੇ ਉਨ੍ਹਾਂ ਨੇ ਨਾ ਸਿਰਫ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਸਗੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨੇ ਸਕੂਲ ਦੇ ਵਿਿਦਆਰਥੀਆਂ ਨਾਲ ਗੱਲਬਾਤ ਕਰਕੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਕੇ ਅੱਗੇ ਵਧਣ ਦਾ ਗੁਰ ਦਿੱਤਾ।
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਅਧਿਆਪਕ-ਮਾਪੇ ਮਿਲਣੀ ਤਹਿਤ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਮਿਲਣੀ ਲਈ ਬੱਚਿਆਂ ਦੇ ਮਾਪਿਆਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਗਿਆ। ਜਿੱਥੇ ਮਾਪੇ ਆਪਣੇ ਬੱਚਿਆਂ ਨਾਲ ਸਕੂਲ ਪੁੱਜੇ, ਉਥੇ ਹੀ ਉਨ੍ਹਾਂ ਦੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਆਪਣੇ ਬੱਚਿਆਂ ਦੀ ਪੜ੍ਹਾਈ ਵਿਚ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਹੋਰ ਖਿੱਤਿਆ ’ਚ ਪ੍ਰਾਪਤੀਆ ਬਾਰੇ ਨੀ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ। ਨਾਲ ਹੀ ਪੜ੍ਹਾਈ ਵਿਚ ਕਮਜ਼ੋਰ ਬੱਚਿਆਂ ਨੂੰ ਕਿਸ ਤਰੀਕੇ ਨਾਲ ਉਤਸ਼ਾਹਿਤ ਕਰਕੇ ਅੱਗੇ ਲਿਆਂਦਾ ਜਾ ਸਕਦਾ ਹੈ ਬਾਰੇ ਵੀ ਬੱਚਿਆਂ ਅਤੇ ਮਾਪਿਆਂ ਨਾਲ ਕੌਂਸਲਿੰਗ ਕਰਕੇ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਗਈ।