ਪੱਲੇਦਾਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਵਾਕਲੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਸਰਕਾਰੀ ਨੌਕਰੀ ਮਿਲ ਗਈ ਹੈ। ਸੀ.ਐਮ. ਮਾਨ ਨੇ ਸਾਬਕਾ ਹਾਕੀ ਖਿਡਾਰੀ ਨੂੰ ਦਿੱਤਾ ਭਰੋਸਾ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਖੇਡਾਂ ਨੂੰ ਪ੍ਰਫੁੱਲਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪਰਮਜੀਤ ਕੁਮਾਰ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਪਰਮਜੀਤ ਕੁਮਾਰ ਦੀ ਵੀਡਿਉ ਵਾਇਰਲ ਹੋਈ ਸੀ, ਜਿਸ ਵਿੱਚ ਹਾਕੀ ਦਾ ਕੌਮੀ ਖਿਡਾਰੀ ਪਰਮਜੀਤ ਕੁਮਾਰ ਪੱਲੇਦਾਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਿਹਾ ਸੀ। ਇਹ ਖ਼ਬਰ ਮੁੱਖ ਮੰਤਰੀ ਦੇ ਧਿਆਨ ਵਿਚ ਆਉਣ ਤੋਂ ਬਾਅਦ ਉਹਨਾਂ ਨੇ ਸਾਬਕਾ ਕੌਮੀ ਹਾਕੀ ਖਿਡਾਰੀ ਨਾਲ 1 ਫਰਵਰੀ ਨੂੰ ਮੁਲਾਕਾਤ ਕੀਤੀ ਸੀ ਅਤੇ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ। ਇਹ ਵੀ ਦਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਰਮਜੀਤ ਨੂੰ ਫਰੀਦਕੋਟ ਵਿਖੇ ਹੀ ਕੋਚ ਦੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਵਿਭਾਗ ਨੇ ਕਾਗਜੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਸੀ ਅਤੇ ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਸੌਂਪ ਦਿੱਤਾ। ਉਥੇ ਹੀ ਨਿਯੁਕਤੀ ਪੱਤਰ ਸੌਂਪੇ ਜਾਣ ਤੋਂ ਬਾਅਦ ਪਰਮਜੀਤ ਕੁਮਾਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।