ਪਾਕਿਸਤਾਨ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਇਹ ਸਾਬਿਤ ਕਰਦਾ ਹੈ ਕਿ ਘੱਟ ਗਿਣਤੀ ਭਾਈਚਾਰੇ ਦਾ ਉਥੇ ਕੀ ਹਾਲ ਹੋ ਰਿਹਾ ਹੈ। ਦਰਅਸਲ, ਪਾਕਿਸਤਾਨ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਸਾਫ਼ ਵੇਖੀ ਜਾ ਸਕਦੀ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਭਾਰਤ ‘ਚ ਸਿਆਸੀ ਅਤੇ ਧਾਰਮਿਕ ਆਗੂਆਂ ਵਲੋਂ ਇਸਦੀ ਨਿੰਦਾ ਕੀਤੀ ਜਾ ਰਹੀ ਹੈ। ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ‘ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਮਾਮਲੇ ਵਿਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।