ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੈਟਰੋਲ ਕਰੀਬ 92 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਜਿਸ ਤੋਂ ਬਾਅਦ ਹੁਣ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਨੂੰ ਘੇਰਦਿਆਂ ਪੈਟਰੋਲ ਅਤੇ ਡੀਜ਼ਲ ’ਤੇ ਵਾਰ-ਵਾਰ ਵੈਟ ਵਧਾ ਕੇ ਆਮ ਆਦਮੀ ਅਤੇ ਕਿਸਾਨਾਂ ’ਤੇ ਵਾਧੂ ਬੋਝ ਪਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਤਾਜ਼ਾ ਵਾਧੇ ਮਗਰੋਂ ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਹੋਰਨਾਂ ਸੂਬਿਆਂ ਨਾਲੋਂ ਮਹਿੰਗਾ ਹੋ ਗਿਆ ਹੈ। ਇਸ ਧੱਕੇਸ਼ਾਹੀ ਵਾਲੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਆਮ ਲੋਕਾਂ ਸਿਰ ਮੁਸੀਬਤਾਂ ਪਾਉਣ ਦੇ ਸਰਕਾਰ ਨੂੰ ਇਸ਼ਤਿਹਾਰਾਂ ’ਤੇ ਸੈਂਕੇੜੇ ਕਰੋੜਾਂ ਰੁਪਏ ਖਰਚਣ ’ਤੇ ਰੋਕ ਲਗਾ ਕੇ ਪੈਸੇ ਬਚਾਉਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾ ਦਿੱਤਾ ਹੈ ਜਿਸ ਨਾਲ ਸਰਕਾਰ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ, ਜੋ ਲੋਕਾਂ ਨੂੰ ਲਾਭ ਦੇਣ ਨਾਲੋਂ ਵੱਧ ਟੈਕਸ ਲਗਾ ਕੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਇਕ ਹੱਥ ਲੈ ਕੇ ਦੂਜੇ ਹੱਥ ਨਾਲ ਖੋਹਣ ਵਾਲੀ ਗੱਲ ਹੈ। ਸੁਖਬੀਰ ਸਿੰਘ ਬਾਦਲ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਇੰਸਟੀਚਿਊਟ ਮੁਹਾਲੀ ਦੇ 10 ਵਿਦਿਆਰਥੀਆਂ ਨੂੰ ਵਧਾਈ ਦਿੱਤੀ ਜੋ ਕੱਲ੍ਹ ਹਥਿਆਰਬੰਦ ਭਾਰਤੀ ਫੌਜ ਵਿਚ ਅਫ਼ਸਰ ਬਣੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਇਹ ਅਕੈਡਮੀ ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੋਲ੍ਹੀ ਸੀ, ਪੰਜਾਬ ਅਤੇ ਪੰਜਾਬੀਆਂ ਦਾ ਮਾਣ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੰਸਥਾ ਦੇ 136 ਵਿਦਿਆਰਥੀ ਫੌਜ ਵਿਚ ਅਫ਼ਸਰ ਬਣ ਚੁੱਕੇ ਹਨ। ਬਾਦਲ ਨੇ ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੂੰ ਵੀ ਵਧਾਈ ਦਿੱਤੀ।