SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹੋਏ ਹਮਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਸੁਖਬੀਰ ਬਾਦਲ ਨੇ ਇਸ ਹਮਲੇ ਨੂੰ ਏਜੰਸੀਆਂ ਦੀ ਸਾਜ਼ਿਸ਼ ਦੱਸਿਆ ਹੈ। ਇਸ ਘਟਨਾ ਦੀ ਸੁਖਬੀਰ ਬਾਦਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ’ਤੇ ਤੁਰੀਆਂ ਏਜੰਸੀਆਂ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਸੰਘਰਸ਼ ਕਰਨ ਦੇ ਆਪਣੇ ਸੰਕਲਪ ਨੂੰ ਕਮਜ਼ੋਰ ਕਰਨ ਲਈ ਖਾਲਸਾ ਪੰਥ ਅਜਿਹੀਆਂ ਕਾਇਰਤਾ ਭਰੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦੇਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਅੱਜ ਉਸ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰ ਦਿੱਤਾ ਜਦੋਂ ਉਹ ਚੰਡੀਗੜ੍ਹ-ਮੋਹਾਲੀ ਦੇ ਬਾਰਡਰ ’ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਤਾਂ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ ਅਤੇ ਬਾਅਦ ਵਿਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ। ਇਸ ਦੌਰਾਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਇਥੇ ਇਹ ਦੱਸਣਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਅਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਹਮਲਾ ਕੀਤਾ ਗਿਆ।