ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਸਵੇਰੇ 11.30 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਹਾਜ਼ਰ ਰਹਿਣਗੇ। ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਤੌਰ ‘ਤੇ ਰਾਹਤ ਕਾਰਜਾਂ ਬਾਰੇ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ 27 ਜੁਲਾਈ ਨੂੰ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਅੱਜ 29 ਜੁਲਾਈ ਨੂੰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਕੈਬਨਿਟ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਲੋਕਾਂ ਦੇ ਠਹਿਰਣ ਦੇ ਨਾਲ-ਨਾਲ ਖਾਣ-ਪੀਣ ਅਤੇ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਸੀ.ਐਮ ਮਾਨ ਖੁਦ ਕਈ ਥਾਵਾਂ ‘ਤੇ ਜਾ ਕੇ ਹੜ੍ਹ ਪੀੜਤਾਂ ਨੂੰ ਮਿਲੇ ਹਨ ਪਰ ਕਈ ਪਿੰਡਾਂ ‘ਚ ਪਾਣੀ ਭਰ ਜਾਣ ਕਾਰਨ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਅਜਿਹੇ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਰਫ਼ਤਾਰ ਨਾਲ ਚਲਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲ ਨੂੰ ਮਨਜ਼ੂਰ ਕਰਵਾਉਣ ਲਈ ਰਾਜਪਾਲ ਪੁਰੋਹਿਤ ਨੂੰ ਭੇਜ ਦਿੱਤੇ ਹਨ ਪਰ ਕਾਫੀ ਸਮਾਂ ਬੀਤ ਜਾਣ ‘ਤੇ ਵੀ ਰਾਜਪਾਲ ਨੇ ਬਿੱਲ ਪਾਸ ਕਰਨ ਦੀ ਬਜਾਏ ਵਿਧਾਨ ਸਭਾ ਸੈਸ਼ਨ ਅਤੇ ਇਸ ‘ਚ ਕੀਤੀ ਗਈ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਸੀਐਮ ਮਾਨ ਨੇ ਵੀ ਆਪਣੇ ਜਵਾਬ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਲ ਜ਼ਰੂਰ ਪਾਸ ਹੋਣਗੇ, ਬੱਸ ਥੋੜਾ ਇੰਤਜ਼ਾਰ ਕਰਨਾ ਪਵੇਗਾ। ਇਸ ਮੁੱਦੇ ‘ਤੇ ਰਾਜਪਾਲ ਅਤੇ ਸੀਐਮ ਮਾਨ ਵਿਚਾਲੇ ਕਾਫੀ ਤਕਰਾਰ ਚੱਲ ਰਹੀ ਹੈ।