ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਪੰਜਾਬ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਭਾਖੜਾ ਦਾ ਪਾਣੀ ਦਾ ਪੱਧਰ ਸੋਮਵਾਰ ਨੂੰ 1674.51 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 6 ਫੁੱਟ ਹੇਠਾਂ ਹੈ। ਜਿਸ ਕਾਰਨ ਪੰਜਾਬ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ। ਭਾਖੜਾ ਦੇ ਫਲੱਡ ਗੇਟ ਐਤਵਾਰ ਨੂੰ ਟੈਸਟਿੰਗ ਲਈ 2 ਫੁੱਟ ਤੱਕ ਖੋਲ੍ਹੇ ਗਏ ਸਨ। ਜਿਸ ਵਿੱਚੋਂ ਕਰੀਬ 8100 ਕਿਊਸਿਕ ਪਾਣੀ ਛੱਡਿਆ ਗਿਆ।
ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਵਿੱਚ ਹੋਈ ਬਾਰਿਸ਼ ਤੋਂ ਬਾਅਦ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਅੱਜ ਟਰਬਾਈਨਾਂ ਰਾਹੀਂ ਕਰੀਬ 46827 ਕਿਊਸਿਕ ਪਾਣੀ ਛੱਡਿਆ ਗਿਆ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਜਦਕਿ ਸਤਲੁਜ ਦਰਿਆ ਵਿੱਚ 27200 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਫਲੱਡ ਗੇਟ ਵੀ ਅੱਧਾ ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਦੇ ਪਾਣੀ ਦਾ ਪੱਧਰ 1385 ਫੁੱਟ ਤੱਕ ਪਹੁੰਚ ਗਿਆ ਹੈ। ਐਤਵਾਰ ਸਵੇਰੇ 10 ਵਜੇ ਡੈਮ ਵਿੱਚ ਪਾਣੀ ਦਾ ਪੱਧਰ 1383.50 ਫੁੱਟ ਸੀ ਅਤੇ 194878 ਕਿਊਸਿਕ ਪਾਣੀ ਆ ਰਿਹਾ ਸੀ। ਜਦੋਂ ਕਿ ਤਿੰਨ ਦਿਨ ਪਹਿਲਾਂ ਡੈਮ ਵਿੱਚ ਪਾਣੀ ਦਾ ਪੱਧਰ 1373.08 ਫੁੱਟ ਸੀ। ਇਸ ਤਰ੍ਹਾਂ ਤਿੰਨ ਦਿਨਾਂ ‘ਚ ਪਾਣੀ ਦਾ ਪੱਧਰ 10 ਫੁੱਟ ਵਧ ਗਿਆ ਹੈ। ਪੌਂਗ ਡੈਮ ਤੋਂ ਵੀ ਅੱਜ 50 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਦੀ ਸੂਚਨਾ ਮਿਲੀ ਹੈ, ਜੋ ਤਿੰਨ ਪੜਾਵਾਂ ਵਿੱਚ ਛੱਡਿਆ ਜਾਣਾ ਹੈ।
ਭਾਖੜਾ ਤੋਂ ਪਾਣੀ ਛੱਡਣ ਦੇ ਐਲਾਨ ਤੋਂ ਬਾਅਦ ਹੁਸ਼ਿਆਰਪੁਰ ਦੇ ਡੀਸੀ ਨੇ ਅਲਰਟ ਜਾਰੀ ਕੀਤਾ ਹੈ। ਸਤਲੁਜ ਦੇ ਕਿਨਾਰਿਆਂ ਅਤੇ ਨੀਵੇਂ ਇਲਾਕਿਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਪੌਂਗ ਡੈਮ ਤੋਂ ਸਵੇਰੇ 8 ਵਜੇ ਪਾਣੀ ਛੱਡਣ ਤੋਂ ਬਾਅਦ ਬਿਆਸ ਦੇ ਕੰਢਿਆਂ ਅਤੇ ਨੀਵੇਂ ਇਲਾਕਿਆਂ ਨੂੰ ਵੀ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ। ਦੂਜੇ ਪਾਸੇ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਨੂੰ ਰੋਕਣ ਲਈ ਰੂਪ ਨਗਰ ਦੇ ਪਿੰਡ ਅਮਰਪੁਰ ਬੇਲਾ ਦੇ ਕਿਸਾਨਾਂ ਨੇ ਦਰਿਆਵਾਂ ਤੇ ਨਾਲਿਆਂ ’ਤੇ ਬਣੇ ਪੁਲਾਂ ’ਤੇ ਜਾਮ ਲਗਾ ਦਿੱਤਾ ਹੈ। ਦਰਅਸਲ ਬੀਤੇ ਦਿਨ ਤੋਂ ਇੱਥੇ ਪਾਣੀ ਦਾ ਪੱਧਰ ਵਧ ਗਿਆ ਹੈ ਅਤੇ ਪਾਣੀ ਪੁਲਾਂ ਤੋਂ ਓਵਰਫਲੋ ਹੋ ਰਿਹਾ ਹੈ। ਕਿਸਾਨਾਂ ਨੇ ਇੱਥੇ ਪੁਲਾਂ ’ਤੇ ਰੱਸੀਆਂ ਪਾ ਦਿੱਤੀਆਂ ਹਨ, ਤਾਂ ਜੋ ਜੇਕਰ ਕੋਈ ਜਾਣਬੁੱਝ ਕੇ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਰੋਕਿਆ ਜਾ ਸਕੇ।