ਪੰਜਾਬ ‘ਤੇ ਪਿਛਲੇ ਕੁਝ ਸਾਲਾਂ ‘ਚ ਚੜੇ 3 ਲੱਖ ਕਰੋੜ ਕਰਜ਼ੇ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਸਵਾਲ ਕੀਤਾ ਹੈ ਕਿ ਇਹ ਕਰਜ਼ਾ ਕਿਵੇਂ ਚੜ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ’ਚ ਨਾ ਤਾਂ ਮੁਹੱਲਾ ਕਲੀਨਿਕ ਬਣਾਏ ਗਏ ਅਤੇ ਨਾ ਹੀ ਚੰਗੇ ਸਕੂਲ ਅਤੇ ਨਾ ਹੀ ਵਿਕਾਸ ਕਾਰਜ ਕਰਵਾਏ ਗਏ। ਅਜਿਹੀ ਸਥਿਤੀ ’ਚ ਪੰਜਾਬ ’ਤੇ ਕਰਜ਼ਾ ਕਿਵੇਂ ਚੜ੍ਹ ਗਿਆ ਇਹ ਗੱਲ ਸਮਝ ਤੋਂ ਬਾਹਰ ਹੈ।
ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ ਕਰਜ਼ਾ ਉਤਾਰਨ ’ਚ ਲੱਗੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ ਅਤੇ ਪੰਜਾਬ ’ਚੋਂ ਲੁੱਟਿਆ ਗਿਆ ਇਕ-ਇਕ ਪੈਸਾ ਵਾਪਸ ਲਿਆ ਕੇ ਸਰਕਾਰੀ ਖ਼ਜ਼ਾਨੇ ’ਚ ਜਮ੍ਹਾ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਅੱਗੇ ਵਧਣ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਜਾਣਾ ਹੈ ਤਾਂ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ’ਤੇ ਮੁਕੰਮਲ ਸ਼ਿਕੰਜਾ ਕੱਸਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਹਰ ਰੋਜ਼ ਕੋਈ ਨਾ ਕੋਈ ਭ੍ਰਿਸ਼ਟ ਵਿਅਕਤੀ ਫੜ ਕੇ ਜੇਲ੍ਹ ਭੇਜਿਆ ਜਾ ਰਿਹਾ ਹੈ। ਇਸ ਨਾਲ ਭ੍ਰਿਸ਼ਟਾਚਾਰ ਕਰਨ ਵਾਲਿਆਂ ਦੇ ਅੰਦਰ ਡਰ ਦੀ ਭਾਵਨਾ ਪੈਦਾ ਹੋਈ ਹੈ।
ਮੁੱਖ ਮੰਤਰੀ ਦੀਆਂ ਇਨ੍ਹਾਂ ਟਿੱਪਣੀਆਂ ਤੋਂ ਸਪੱਸ਼ਟ ਹੈ ਕਿ ਆਉਣ ਵਾਲੇ ਦਿਨਾਂ ’ਚ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਦੂਜੇ ਪਾਸੇ ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਪੱਸ਼ਟ ਕਿਹਾ ਸੀ ਕਿ ਜੋ ਵੀ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਭ੍ਰਿਸ਼ਟਾਚਾਰ ਨੂੰ ਲੈ ਕੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ। ਸਰਕਾਰੀ ਹਲਕਿਆਂ ’ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਹੁਣ ਵਿਜੀਲੈਂਸ ਬਿਊਰੋ ਦੀ ਕਾਰਵਾਈ ਵੀ ਆਉਣ ਵਾਲੇ ਦਿਨਾਂ ’ਚ ਹੋਰ ਤੇਜ਼ ਹੋ ਸਕਦੀ ਹੈ। ਪਹਿਲਾਂ ਹੀ ਪਿਛਲੀ ਸਰਕਾਰ ਦੇ ਕਈ ਮੰਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਕਈ ਮਾਮਲਿਆਂ ਨੂੰ ਲੈ ਕੇ ਵੀ ਵਿਜੀਲੈਂਸ ਬਿਊਰੋ ਵੱਲੋਂ ਆਪਣੀ ਜਾਂਚ ਤੇਜ਼ ਕੀਤੀ ਗਈ ਹੈ।