ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੇਗੀ ਅਤੇ ਇਸਦੇ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕੋਲੇ ਨਾਲ ਚੱਲਣ ਵਾਲੇ ਥਰਮਲ ਪਾਵਰ ਪਲਾਂਟ ਦੀ ਖਰੀਦ ਬਾਰੇ ਜਾਣਕਾਰੀ ਆਪਣੇ ਟਵਿੱਟਰ ਹੈਂਡਲ ‘ਤੇ ਸਾਂਝੀ ਕੀਤੀ।
ਮਾਨ ਨੇ ਪੰਜਾਬੀ ਵਿੱਚ ਟਵੀਟ ਕਰਦੇ ਹੋਏ ਕਿਹਾ, “ਪੰਜਾਬੀਆਂ ਨਾਲ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ…ਪੰਜਾਬ ਸਰਕਾਰ ਪੰਜਾਬ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ…ਵੇਰਵੇ ਜਲਦੀ।
ਦਸ ਦਈਏ ਕਿ ਪਿਛਲੇ ਮਹੀਨੇ ਮਾਨ ਨੇ ਕਿਹਾ ਸੀ ਕਿ ਸੂਬਾ ਸਰਕਾਰ ਪਹਿਲੀ ਵਾਰ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਗਾਏਗੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸੂਬੇ ਕੋਲ ਪਲਾਂਟ ਚਲਾਉਣ ਲਈ ਕੋਲੇ ਦਾ ਕਾਫੀ ਭੰਡਾਰ ਹੈ। ਵਿੱਤੀ ਬੋਲੀ ਬਾਰੇ ਫੈਸਲਾ ਲੈਣ ਲਈ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਤਿੰਨ ਮੈਂਬਰੀ ਸਬ-ਕਮੇਟੀ ਬਣਾਈ ਗਈ ਸੀ।
ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਕਿਹਾ ਸੀ ਕੁਝ ਸਰਕਾਰਾਂ ਸਰਕਾਰੀ ਸੰਪਤੀ ਵੇਚਦੀਆਂ ਹਨ, ਪਰ ਅਸੀਂ ਪ੍ਰਾਈਵੇਟ ਖਰੀਦ ਰਹੇ ਹਾਂ।ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਸੈਕਟਰ ਦੇ ਜੀਵੀਕੇ ਗੋਇੰਦਵਾਲ ਤਾਪ ਬਿਜਲੀ ਘਰ ਨੂੰ ਖ਼ਰੀਦਣ ਲਈ ਮੈਦਾਨ ’ਚ ਉੱਤਰਨ ਦਾ ਫ਼ੈਸਲਾ ਕੀਤਾ ਹੈ।
ਜ਼ਿਕਰ ਕਰ ਦਈਏ ਕਿ ਗੋਇੰਦਵਾਲ ਸਾਹਿਬ ਦਾ 540 ਮੈਗਾਵਾਟ ਦਾ ਤਾਪ ਬਿਜਲੀ ਘਰ ਇੱਕ ਸੁਤੰਤਰ ਪਾਵਰ ਪਲਾਂਟ ਹੈ ਅਤੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਵਿੱਚ 1,100 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਇਹ ਪਲਾਂਟ ਅਕਾਲੀ-ਭਾਜਪਾ ਸਰਕਾਰ ਵੇਲੇ ਲਗਾਇਆ ਗਿਆ ਸੀ।