ਲੁਧਿਆਣਾ : ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਬੁੱਧਵਾਰ ਨੂੰ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰੱਖੇ ਗਏ ਸੂਬਾ ਪੱਧਰੀ ਪ੍ਰੋਗਰਾਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰੱਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸ. ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਹਲਵਾਰਾ ਏਅਰਪੋਰਟ ਨੂੰ ਜਨਤਾ ਲਈ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ‘ਤੇ ਅੰਤਰਰਾਸ਼ਟਰੀ ਫਲਾਈਟਾਂ ਆਉਣਗੀਆਂ ਅਤੇ ਇਸ ਨਾਲ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਸਹਿਯੋਗ ਨਾਲ ਇਹ ਏਅਰਪੋਰਟ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਟਰਮੀਨਲ ਬਣਾ ਰਹੀ ਹੈ ਅਤੇ ਇਹ 48 ਕਰੋੜ ਦੀ ਲਾਗਤ ਨਾਲ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਏਅਰਪੋਰਟ ਸ਼ੁਰੂ ਹੋਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸ਼ਹੀਦਾਂ ਦੇ ਨਾਂ ‘ਤੇ ਯੂਨੀਵਰਸਿਟੀਆਂ, ਕਾਲਜਾਂ, ਹਵਾਈ ਅੱਡਿਆਂ ਦਾ ਨਾਂ ਨਹੀਂ ਰੱਖਾਂਗੇ ਤਾਂ ਇਸ ਦਾ ਮਤਲਬ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਸੀਂ ਛੋਟਾ ਸਮਝ ਰਹੇ ਹਾਂ।