ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ 186 ਕਰੋੜ 12 ਲੱਖ 63,020 ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਫੰਡ ਪੰਜਾਬ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਨੂੰ ਜਾਰੀ ਕੀਤੇ ਗਏ ਹਨ। ਇਸਦੀ ਵਰਤੋਂ ਕੁਦਰਤੀ ਆਫ਼ਤ ਰਾਹਤ ਫੰਡ ਤੋਂ ਫਸਲਾਂ ਦੇ ਨੁਕਸਾਨ ਨਾਲ ਸਬੰਧਤ ਰਾਹਤ ਲਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਦੇ ਮਹੀਨਿਆਂ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਇਸ ਦੇ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕੀਤੀ ਗਈ। ਮੁੱਖ ਮੰਤਰੀ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਸੌਂਪੇ।
ਮੰਤਰੀ ਜਿੰਪਾ ਨੇ ਦੱਸਿਆ ਕਿ ਸੀ.ਐਮ ਮਾਨ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਾਲ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਜ਼ਿਲ੍ਹਾ ਪੱਧਰ ‘ਤੇ ਡੀਸੀ ਤੋਂ ਰਾਹਤ ਅਤੇ ਲੋਕਾਂ ਦੀ ਫੀਡਬੈਕ ਸਬੰਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਲਈ ਫਸਲਾਂ, ਪਸ਼ੂਆਂ, ਘਰਾਂ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਦੇ ਅਧੀਨ ਲਿਆਉਣ ਬਾਰੇ ਕਹਿ ਚੁੱਕੇ ਹੈ ਤਾਂ ਜੋ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪਹਿਲਾਂ ਹੀ ਪੀੜਤਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਲਈ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਬਾਰੇ ਦੱਸ ਚੁੱਕੇ ਹਨ।