ਇਕ ਪਾਸੇ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਅਤੇ ਦੂਜੇ ਪਾਸੇ ਗੁਰੂ ਨਗਰੀ ਅੰਮ੍ਰਿਤਸਰ ‘ਚ ਹੋਏ ਦੋ ਧਮਾਕੇ, ਪੁਲਿਸ ਲਈ ਚੁਣੌਤੀ ਬਣ ਗਏ ਹਨ। ਇਸ ਦੌਰਾਨ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਜਲੰਧਰ ‘ਚ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਅੱਜ ਸ਼ਹਿਰੀ ਖੇਤਰਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਤਹਿਤ ਸ਼ਹਿਰਾਂ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਨੂੰ ਲੈਕੇ ਪੰਜਾਬ ਪੁਲਿਸ ਨੇ ‘ਆਪਰੇਸ਼ਨ Vigil’ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ ਸੁਰੱਖਿਆ ਵਧਾ ਦਿੱਤੀ ਹੈ।
ਜਲੰਧਰ ਲੋਕ ਸਭਾ ਲਈ ਉਪ ਚੋਣ 10 ਮਈ 2023 ਨੂੰ ਹੋਣੀ ਹੈ। ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਲਈ ਸੂਬੇ ਭਰ ਵਿਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸਰਹੱਦੀ ਜ਼ਿਲ੍ਹਿਆਂ ਦੇ ਐੱਸ. ਐੱਸ.ਪੀਜ਼ ਨੂੰ ਅੰਤਰਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਚੈਕਿੰਗ ਤੇ ਤਲਾਸ਼ੀ ਲਏ ਤੋਂ ਬਿਨਾਂ ਸੂਬੇ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ।