ਮਾਨਸਾ ਵਿਖੇ ਹੋਈ ਪਿਛਲੀ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਐਲਾਨ ਮੁਤਾਬਕ ਅੱਜ ਯਾਨੀ 19 ਜੂਨ ਨੂੰ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸਪੈਸ਼ਲ ਇਜਲਾਸ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਸੀ.ਐਮ. ਮਾਨ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਹੋਵੇਗੀ। ਮਿਲੀ ਜਾਣਕਾਰ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਦੇ ਰੋਕੇ ਗਏ ਹਜ਼ਾਰਾਂ ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ਼) ਅਤੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ. ਐੱਮ) ਬਾਰੇ ਵੀ ਚਰਚਾ ਕਰਨਗੇ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਸਹਿਮਤੀ ਵੀ ਬਣਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਚੁੱਕੇ ਹਨ ਦੌਰਾਨ ਸਿੱਖ ਗੁਰਦੁਆਰਾ ਐਕਟ ਵਿੱਚ ਨਵੀਂ ਧਾਰਾ ਜੋੜਨ ਦਾ ਪ੍ਰਸਤਾਵ ਲਿਆ ਕੇ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਖ਼ਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਹਿੱਸੇ ਦੇ ਕੁੱਲ 5800 ਕਰੋੜ ਰੁਪਏ ਦੇ ਫੰਡ ਕੇਂਦਰ ਸਰਕਾਰ ਨੇ ਰੋਕ ਦਿੱਤੇ ਹਨ। ਇਸ ਨੂੰ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਵੀ ਕਰ ਚੁੱਕੇ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖੇ ਗਏ ਹਨ ਪਰ ਫੰਡ ਜਾਰੀ ਨਾ ਹੋਣ ਕਾਰਨ ਪੰਜਾਬ ਸਰਕਾਰ ਲਈ ਆਰਥਿਕ ਚੁਣੌਤੀ ਬਣੀ ਹੋਈ ਹੈ। ਇਹੀ ਕਾਰਨ ਹੈ ਕਿ ਹੁਣ ਪੰਜਾਬ ਸਰਕਾਰ ਸੁਪਰੀਮ ਕੋਰਟ ਜਾ ਸਕਦੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਹੈ।