ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ “ ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਿੰਨਾਂ ਨੇ ਪੰਜਾਬ ‘ਚ ਬਜਟ ਸੈਸ਼ਨ ਬੁਲਾਏ ਜਾਣ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਜਿਥੇ ਸੁਪਰੀਮ ਕੋਰਟ ਵਲੋਂ ਲਏ ਫੈਸਲੇ ਦਾ ਸੁਆਗਤ ਕੀਤਾ ਗਿਆ ਹੈ, ਉਥੇ ਹੀ ਉਹਨਾਂ ਲਿਖਿਆ ਹੈ ਕਿ “ਇਕ ਵਾਰ ਫਿਰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਾਬਿਤ ਕਰ ਦਿੱਤਾ ਕਿ ਦੇਸ਼ ਵਿੱਚ ਕਾਨੂੰਨ ਦਾ ਰਾਜ ਚਲੇਗਾ।”
ਕਾਬਿਲੇਗੌਰ ਹੈ ਕਿ SC ਦੇ ਦਖਲ ਮਗਰੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸਵੇਰ 10 ਵਜੇ ਬੁਲਾਏ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਰਾਜਪਾਲ ਪੁਰੋਹਿਤ ਦੇ ਵਕੀਲ ਨੇ ਸੁਪਰੀਮ ਕੋਰਟ ਦੇ ਵਿਚ ਦਿੱਤੀ। ਦਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ। ਕੱਲ੍ਹ ਇਸ ਦੀ ਸੁਣਵਾਈ ਦੌਰਾਨ ਫੈਸਲਾ ਪੰਜਾਬ ਸਰਕਾਰ ਨੇ ਹੱਕ ਵਿਚ ਆਇਆ ਹੈ।