ਕਈ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲੇ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਨੂੰ ਕੈਨੇਡਾ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ। ਦਸਣਯੋਗ ਹੈ ਕਿ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ‘ਤੇ ਕੈਨੇਡਾ ਵਿਚ ਉੱਚ ਸਿੱਖਿਆ ਸੰਸਥਾਵਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਸਵੀਕ੍ਰਿਤੀ ਪੱਤਰ ਜਾਰੀ ਕਰਨ ਵਿਚ ਸ਼ਾਮਲ ਹੋਣ ਦਾ ਦੋਸ਼ ਹੈ। ਜਦਕਿ ਇਸ ਦੇ ਸਾਥੀ ਰਾਹੁਲ ਭਾਰਗਵ ਨੂੰ ਪਹਿਲਾਂ ਹੀ 28 ਮਾਰਚ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਦੂਜੇ ਪਾਸੇ ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਇੱਕ ਟਾਸਕ ਫੋਰਸ ਬਣਾਈ ਜਾਵੇ, ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ। ਨਾਲ ਹੀ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਵਕੀਲਾਂ ਦਾ ਪੈਨਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਦੀ ਕਾਨੂੰਨੀ ਤੌਰ ‘ਤੇ ਮਦਦ ਕਰੇ ਤਾਂ ਜੋ ਉਨ੍ਹਾਂ ਨੂੰ ਫਾਇਦਾ ਹੋ ਸਕੇ।
ਪੰਜਾਬ ਸਰਕਾਰ ਬ੍ਰਜੇਸ਼ ਮਿਸ਼ਰਾ ਸਮੇਤ ਪੰਜ ਏਜੰਟਾਂ ਖਿਲਾਫ ਕਾਰਵਾਈ ਕਰੇ। ਵਿਦਿਆਰਥੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੈਨੇਡਾ ਵਿੱਚ ਫਸੇ ਵਿਦਿਆਰਥੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਵੀ ਕੀਤੀ ਜਾਵੇ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਜੇ ਤੱਕ ਮਾਮਲਾ ਹੱਲ ਨਹੀਂ ਹੋਇਆ ਹੈ।
ਗੌਰਤਲਬ ਹੈ ਕਿ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਕਾਰਡ ਫਰਜ਼ੀ ਪਾਏ ਜਾਣ ਤੋਂ ਬਾਅਦ ਤਕਰੀਬਨ 700 ਭਾਰਤੀ ਵਿਦਿਆਰਥੀਆਂ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਦੇ ਸਨ, ਨੂੰ ਦੇਸ਼ ਨਿਕਾਲੇ ਦੇ ਪੱਤਰ ਜਾਰੀ ਕੀਤੇ ਗਏ ਸਨ। ਸਾਰੇ ਭਾਰਤੀ ਵਿਦਿਆਰਥੀ 3 ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਏ ਸਨ। ਉਸ ਨੂੰ ਧੋਖਾਧੜੀ ਦਾ ਉਦੋਂ ਪਤਾ ਲੱਗਾ ਜਦੋਂ ਉਸ ਨੇ ਪੱਕੀ ਰਿਹਾਇਸ਼ ਲਈ ਅਰਜ਼ੀ ਦਿੱਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਸੰਸਥਾਵਾਂ ਵੱਲੋਂ ਦਿੱਤੇ ਗਏ ਸ਼ੁਰੂਆਤੀ ਆਫਰ ਲੈਟਰ ਫਰਜ਼ੀ ਸਨ। ਇਸ ਤੋਂ ਬਾਅਦ ਜਲੰਧਰ ਦੇ ਇਕ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਦਾ ਨਾਂ ਸਾਹਮਣੇ ਆਇਆ ਸੀ। ਇੰਨਾਂ ਹੀ ਨਹੀਂ ਦੇਸ਼ ਨਿਕਾਲੇ ਦੇ ਆਦੇਸ਼ ਜਾਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਨੇ ਕੈਨੇਡਾ ‘ਚ ਧਰਨਾ ਪ੍ਰਦਰਸ਼ਨ ਕਰਨ ਵੀ ਸ਼ੁਰੂ ਕਰ ਦਿੱਤਾ ਸੀ। ਹਾਂਲਾਕਿ, ਫਿਲਹਾਲ ਲਈ ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਦੀ ਡਿਪੋਰਟੇਸ਼ਨ ‘ਤੇ ਰੋਕ ਲਗਾਈ ਹੋਈ ਹੈ ਅਤੇ ਕਿਹਾ ਹੈ ਕਿ ਉਹ ਵਿਦਿਆਰਥੀਆਂ ਨਾਲ ਧੱਕਾ ਨਹੀਂ ਹੋਣ ਦੇਣਗੇ ਪਰ ਪੂਰੇ ਤਰੀਕੇ ਨਾਲ ਇਹ ਮਸਲਾ ਅਜੇ ਵੀ ਹੱਲ ਨਹੀਂ ਹੋਇਆ ਹੈ।