ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਨਾਮਜ਼ਦ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਰੀਦਕੋਟ ਵਿਖੇ ਪਹੁੰਚੇ। ਇਸ ਦੌਰਾਨ ਅੱਜ ਉਹਨਾਂ ਦੀ ਫਰੀਦਕੋਟ ਦੀ ਅਦਾਲਤ ‘ਚ ਪੇਸ਼ੀ ਹੋਈ। ਬਾਦਲ ਪਿਓ-ਪੁੱਤ ਦੇ ਆਉਣ ਤੋਂ ਪਹਿਲਾਂ ਹੀ ਕੋਰਟ ਦੇ ਬਾਹਰ ਵੱਡੀ ਗਿਣਤੀ ’ਚ ਅਕਾਲੀ ਵਰਕਰ ਮੌਜੂਦ ਰਹੇ।
ਫਰੀਦਕੋਟ ਅਦਾਲਤ ’ਚ ਪੇਸ਼ੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਬਿਆਨ ਸਾਹਮਣੇ ਆਇਆ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਮੇਰੇ ‘ਤੇ ਝੂਠਾ ਕੇਸ ਪਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ, ਝੂਠੇ ਕੇਸਾਂ ਤੋਂ ਡਰਦੀ ਨਹੀਂ ਹੈ। ਸਾਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕੋਟਕਪੂਰਾ ਗੋਲੀਕਾਂਡ ਦਾ ਚਲਾਨ ਪੇਸ਼ ਕਰਨ ਵਾਲੀ ਸਿੱਟ ਦੇ ਅਫ਼ਸਰਾਂ ’ਤੇ ਵੀ ਸਵਾਲ ਚੁੱਕੇ ਹਨ। ਉਹਨਾਂ ਨੇ ਅਫ਼ਸਰਾਂ ਦੇ ਮੁੱਖ ਮੰਤਰੀ ਮਾਨ ਨਾਲ ਮਿਲੀਭੁਗਤ ਦੇ ਇਲਜ਼ਾਮ ਲਗਾਏ ਹੈ।