ਬਹਿਬਲ ਇਨਸਾਫ਼ ਮੋਰਚੇ ਵਲੋਂ ਜਾਮ ਕੀਤੇ ਗਏ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ਕਾਰਨ ਲੋਕਾਂ ਨੂੰ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਕ ਟਵੀਟ ਕਰਕੇ ਬਹਿਬਲ ਕਲਾਂ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਨੂੰ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਲਈ ਖ਼ਾਸ ਅਪੀਲ ਕੀਤੀ ਹੈ। ਇਹ ਅਪੀਲ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕੀਤੀ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ, “ਪੰਜਾਬ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ.. ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ…ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜਿੰਮੇਦਾਰੀ ਹੈ..”
ਜ਼ਿਕਰਯੋਗ ਹੈ ਕਿ ਬੀਤੀ 31 ਜਨਵਰੀ ਨੂੰ ਬੇਅਦਬੀ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਹਿਬਲ ਕਲਾਂ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵੱਲੋਂ ਸਰਕਾਰ ਨੂੰ ਦਿੱਤਾ ਅਲਟੀਮੇਟਮ ਖ਼ਤਮ ਹੋ ਗਿਆ ਸੀ। ਜਿਸ ਦੇ ਚੱਲਦਿਆਂ ਮੋਰਚੇ ਨੇ ਸੰਘਰਸ਼ ਤੇਜ਼ ਕਰਦਿਆਂ 5 ਫਰਵਰੀ ਨੂੰ ਨੈਸ਼ਨਲ ਹਾਈਵੇ 54 ਬਠਿੰਡਾ-ਅੰਮ੍ਰਿਤਸਰ ਰੋਡ ਨੂੰ ਅਣਮਿੱਥੇ ਸਮੇਂ ਲਈ ਦੋਹਾਂ ਪਾਸਿਓਂ ਤੋਂ ਬੰਦ ਕਰ ਦਿੱਤਾ ਸੀ ਅਤੇ ਅੱਜ ਨੈਸ਼ਨਲ ਹਾਈਵੇ ਨੂੰ ਜਾਮ ਕੀਤੇ 5 ਦਿਨ ਦਾ ਸਮਾਂ ਬੀਤ ਚੁੱਕਿਆ ਹੈ।