ਅਕਾਲੀ ਦਲ ਤੇ ਬੀਜੇਪੀ ਗਠਜੋੜ ਸਰਕਾਰ ਵੇਲੇ ਹੋਏ ਬਹੁ-ਕਰੋੜੀ ਸੰਜਾਈ ਘੁਟਾਲੇ ਦੇ ਮਾਮਲੇ ਨੂੰ ਲੈਕੇ ਵਿਜੀਲੈਂਸ ਬਿਊਰੋ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਮਾਮਲੇ ਦੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੱਲ੍ਹ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਬਾਰੇ ਪੁੱਛਗਿੱਛ ਕੀਤੀ ਜਾਏਗੀ। ਵਿਜੀਲੈਂਸ ਬਿਊਰੋ ਵੱਲੋਂ ਸੇਖੋਂ ਨੂੰ 30 ਦਸੰਬਰ ਨੂੰ ਤਲਬ ਕੀਤਾ ਹੈ। ਇਹ ਘੁਟਾਲਾ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ। ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੀ ਸੱਦੇ ਜਾਣ ਦੀ ਤਿਆਰੀ ਹੈ।
ਉਧਰ, ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਲੁਕਆਊਟ ਸਰਕੁਲਰ (ਐਲਓਸੀ) ਜਾਰੀ ਕਰਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਰਿੰਦਰ ਕੁਮਾਰ ਨੂੰ ਈ-ਮੇਲ ਰਾਹੀਂ ਭੇਜੇ ਜਵਾਬ ਵਿੱਚ ਕਿਹਾ ਹੈ ਕਿ ਉਹ ਭਾਰਤ ਪਰਤ ਆਏ ਹਨ ਤੇ ਵਿਜੀਲੈਂਸ ਵੱਲੋਂ ਸੱਦੇ ਜਾਣ ’ਤੇ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਜੂਨ ਮਹੀਨੇ ਤੋਂ ਅਮਰੀਕਾ ਵਿੱਚ ਸਨ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਪਰਤਣ ਵਿੱਚ ਵਿਜੀਲੈਂਸ ਵੱਲੋਂ ਜਾਰੀ ਐਲਓਸੀ ਨੇ ਅੜਿੱਕਾ ਖੜ੍ਹਾ ਕੀਤਾ ਸੀ।
ਦੱਸ ਦਈਏ ਕਿ ਕੌਸ਼ਲ ਤੇ ਕੇਬੀਐਸ ਸਿੱਧੂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ’ਚ ਸਿੰਜਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਹੇ ਸਨ ਜਦੋਂਕਿ ਕਾਹਨ ਸਿੰਘ ਪੰਨੂ ਇਸ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਇਸ ਵਿਭਾਗ ਦੇ ਮੰਤਰੀ ਹੁੰਦੇ ਸਨ।
ਵਿਜੀਲੈਂਸ ਵੱਲੋਂ ਇਸ ਤੋਂ ਪਹਿਲਾਂ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ, ਸਾਬਕਾ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਤੇ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿੰਨੋਂ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਤੇ ਦੋਹਾਂ ਦੇ ਨਿੱਜੀ ਸਹਾਇਕਾਂ ਕੋਲੋਂ ਪੁੱਛਗਿਛ ਮਗਰੋਂ ਸਾਰੇ ਵਿਅਕਤੀਆਂ ਦੇ ਬਿਆਨਾਂ ਤੇ ਦਸਤਾਵੇਜ਼ਾਂ ਨੂੰ ਘੋਖਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।