ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿਚੋਂ ਹੋਏ ਲਾਈਵ ਇੰਟਰਵਿਊ ਨੂੰ ਲੈਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਆਖਿਆ ਹੈ ਕਿ ਮੂਸੇਵਾਲੇ ਦੀ ਬਰਸੀ ਤੋਂ ਪਹਿਲਾਂ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਦਾ ਰਹੀ ਹੈ। ਉਨ੍ਹਾਂ ਆਖਿਆ ਕਿ ਵੀਡੀਓ ਮਾਮਲੇ ਵਿਚ ਮੈਨੂੰ ਲਾਰੈਂਸ ਬਿਸ਼ਨੋਈ ਦਾ ਵੀ ਜ਼ਿਆਦਾ ਕਸੂਰ ਨਹੀਂ ਲੱਗਦਾ, ਉਸ ਨੂੰ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ‘ਚ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਕੀਤਾ ਗਿਆ ਹੈ।
ਲੁਧਿਆਣਾ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ‘ਚ ਪੁੱਜੇ ਮੂਸੇਵਾਲਾ ਦੇ ਪਿਤਾ ਨੇ ਇੱਕ ਵਾਰ ਫਿਰ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਵਰਤਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਤੱਕ ਸਾਹਮਣੇ ਆਏ ਦੋਸ਼ੀਆਂ ’ਤੇ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ ਹੈ ਅਤੇ ਨਾ ਕੋਈ ਕਾਰਵਾਈ ਕੀਤੀ ਹੈ। ਨਾਲ ਹੀ ਉਹਨਾਂ ਕਿਹਾ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ‘ਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਰਕਾਰ ਦੀ ਕਾਰਜਸ਼ੈਲੀ ‘ਤੇ ਵੱਡਾ ਸਵਾਲ ਖੜ੍ਹਾ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਕਰੋੜਾਂ ਰੁਪਏ ਦੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ, ਇਸ ਪਿੱਛੇ ਕੌਣ ਹੈ ਅਤੇ ਇੰਨਾ ਪੈਸਾ ਕਿਸ ਨੇ ਫੰਡ ਕੀਤਾ, ਇਸ ਦਾ ਸਰਕਾਰ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਖ ਮਕਸਦ ਸਿੱਧੂ ਦੀ ਬਰਸੀ ਮੌਕੇ ਨੌਜਵਾਨਾਂ ਨੂੰ ਗੁੰਮਰਾਹ ਕਰਨਾ ਸੀ ਤਾਂ ਜੋ ਉਹ ਨਾ ਪਹੁੰਚਣ। ਇਸ ਤੋਂ ਇਲਾਵਾ ਉਨ੍ਹਾਂ ਹਾਈ ਕੋਰਟ ਦੇ ਸੀਨੀਅਰ ਵਕੀਲ ਦੀ ਰਾਏ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਾਇ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਆਵਾਜ਼ ਨਾ ਸੁਣੀ ਤਾਂ ਉਹ ਹਾਈਕੋਰਟ ਦਾ ਰੁਖ ਕਰਨਗੇ।