ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਪਾਸੇ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਵਿਚ ਜਿਥੇ ਸੰਗਤਾਂ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ। ਉਥੇ ਹੀ ਹੁਣ ਸਿਆਸੀ ਆਗੂ ਵੀ ਆਪਣਾ ਯੋਗਦਾਨ ਪਾਉਣ ਲੱਗ ਪਏ ਹਨ।
ਇਸ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਅਰੰਭਤਾ ਮੌਕੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਜਾਂਦੇ ਫਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੂਹ ਅਕਾਲੀ ਦਲ ਦੇ ਵਰਕਰ ਤੇ ਅਹੁਦੇਦਾਰ ਸਾਹਿਬਾਨਾਂ ਨੂੰ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾ ਕੇ ਆਉਂਦੀ ਵਿਸਾਖੀ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵੀ ਜ਼ਿੰਮੇਵਾਰੀਆਂ ਸੌਂਪੀਆਂ ਹਨ ਤਾਂ ਜੋ ਲੋਕ ਵੱਧ ਤੋਂ ਵੱਧ SGPC ਵਲੋਂ ਚਲਾਈ ਦਸਤਖ਼ਤ ਮੁਹਿੰਮ ਦਾ ਹਿੱਸਾ ਬਣਨ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਸਰਕਾਰ ਮਜਬੂਰ ਹੋ ਜਾਵੇ।