ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ’ਚ ਭੰਨਤੋੜ ਦੀ ਘਟਨਾ ਦੇ ਸਬੰਧ ’ਚ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਕੁਝ ਲੋਕਾਂ ਵਲੋਂ ਇਸਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਹੁਣ ਇਸ ਮੁੱਦੇ ’ਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਬਿਆਨ ਸਾਹਮਣੇ ਆ ਚੁੱਕਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ’ਚ ਭੰਨਤੋੜ ਦੀ ਘਟਨਾ ਦੇ ਸਬੰਧ ’ਚ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਡੀ. ਜੀ. ਪੀ. ਕੋਲੋਂ ਜਦੋਂ ਇਹ ਪੁੱਛਿਆ ਗਿਆ ਕਿ ਇਹ ਘਟਨਾਵਾਂ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ ਤਾਂ ਫਿਰ ਪੁਲਸ ਉਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੀ, ਗੌਰਵ ਯਾਦਵ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਿਹਾ ਸੀ ਕਿ ਜੋ ਵੀ ਕਾਨੂੰਨ ਨੂੰ ਆਪਣੇ ਹੱਥ ’ਚ ਲਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜੇ ਅੰਮ੍ਰਿਤਪਾਲ ਸਿੰਘ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਂਦਾ ਹੈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਹੋਰ ਮੁੱਦਿਆਂ ਬਾਰੇ ਗੱਲ ਕਰਦਿਆਂ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਥਾਣਿਆਂ ਦੀ ਸੁਰੱਖਿਆ ਨੂੰ ਲੈ ਕੇ ਕਦਮ ਚੁੱਕੇ ਹਨ। ਥਾਣਿਆਂ ਵਿੱਚ ਮੁਲਾਜ਼ਮਾਂ ਦੀ ਗਿਣਤੀ ਵਧਾਈ ਗਈ ਹੈ। ਥਾਣਿਆਂ ਦੀ ਚਾਰਦੀਵਾਰੀ ਵੀ ਉੱਚੀ ਕੀਤੀ ਜਾ ਰਹੀ ਹੈ। ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ। ਗੋਲਡੀ ਬਰਾੜ ਦੀ ਵਿਦੇਸ਼ ’ਚ ਗ੍ਰਿਫ਼ਤਾਰੀ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ’ਤੇ ਕੋਈ ਟਿੱਪਣੀ ਨਹੀਂ ਕਰਨਗੇ। ਇਹ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ।
ਤਰਨਤਾਰਨ ਰਾਕੇਟ ਹਮਲੇ ਦੇ ਸੰਦਰਭ ਵਿੱਚ ਡੀ. ਜੀ .ਪੀ. ਨੇ ਦੱਸਿਆ ਕਿ ਮੁੱਖ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ। ਉਹ ਜਲਦੀ ਹੀ ਇਸ ਸਬੰਧੀ ਹੋਰ ਅਹਿਮ ਖ਼ੁਲਾਸੇ ਕਰਨਗੇ। ਪੰਜਾਬ ਪੁਲਿਸ ਫਿਰੌਤੀ ਲਈ ਕਾਲ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।