10 ਮਈ ਨੂੰ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਆਖਿਰ ਕਿਹੜੀ ਪਾਰਟੀ ਇਸ ਸੀਟ ‘ਤੇ ਬਾਜ਼ੀ ਮਾਰੇਗੀ। ਇਸ ਦੌਰਾਨ ਕੁਝ ਇਹ ਚਰਚਾਵਾਂ ਚੱਲ ਰਹੀਆਂ ਸੀ ਕਿ ਹੋ ਸਕਦਾ ਆਉਣ ਵਾਲੇ ਸਮੇਂ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਗਠਜੋੜ ਹੋ ਜਾਵੇ ਪਰ ਹੁਣ ਇਹਨਾਂ ਚਰਚਾਵਾਂ ‘ਤੇ ਫੁੱਲਸਟੌਪ ਲੱਗ ਚੁੱਕਾ ਹੈ। ਕੇਂਦਰੀ ਸ਼ਹਿਰੀ ਵਿਕਾਸ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਜਲੰਧਰ ਪਹੁੰਚਕੇ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ ਜਦੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਪੁੱਛਿਆ ਗਿਆ ਕਿ ਕੀ ਭਾਜਪਾ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰ ਸਕਦੀ ਹੈ? ਇਸ ‘ਤੇ ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਪਾਸੇ ਤੋਂ ਇਹ ਸੰਭਵ ਨਹੀਂ ਹੈ, ਭਾਜਪਾ ਤੇਜ਼ੀ ਨਾਲ ਫੈਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨਾਲ ਦੇਸ਼ ਤੇਜ਼ੀ ਨਾਲ ਵਿਕਾਸ ਦੇ ਰਾਹ ‘ਤੇ ਹੈ।
ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕੇਂਦਰੀ ਸ਼ਹਿਰੀ ਵਿਕਾਸ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਨ ਵਾਲੀ ਪਾਰਟੀ ਦੀ ਅਸਲੀਅਤ ਸਭ ਦੇ ਸਾਹਮਣੇ ਆ ਗਈ ਹੈ। ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ, ਅੱਜ ਉਨ੍ਹਾਂ ਤੋਂ ਦੂਰੀ ਬਣਾ ਲਈ ਹੈ।