ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਖ਼ਰਾਬ ਹੋ ਰਹੇ ਮੌਸਮ ਦੇ ਚੱਲਦਿਆਂ ਸੀ.ਐਮ. ਪੰਜਾਬ ਭਗਵੰਤ ਮਾਨ ਨੇ ਇਕ ਵਾਰ ਫਿਰ ਕਿਸਾਨਾਂ ਲਈ ਵੱਡਾ ਫੈਸਲਾ ਲੈਂਦੇ ਹੋਏ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਭਾਰੀ ਮੀਂਹ ਅਤੇ ਗੜੇਮਾਰੀ ਕਰਕੇ ਤਬਾਹ ਹੋਈਆਂ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਸੀ.ਐਮ. ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ। ਓਥੇ ਸਪੈਸ਼ਲ ਗਿਰਦਾਵਰੀ ਹਫ਼ਤੇ ਦੇ ਅੰਦਰ ਕਰਕੇ ਰਿਪੋਰਟ ਦੇਣ ਲਈ ਨਿਰਦੇਸ਼ ਦੇ ਦਿੱਤੇ ਹਨ।
ਉਹਨਾਂ ਕਿਹਾ ਕਿ ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਇਹ ਹੀ ਉਹਨਾਂ ਨੇ ਕਿਸਾਨਾਂ ਨੂੰ ਹੌਂਸਲਾ ਅਤੇ ਯਕੀਨ ਰੱਖਣ ਦੀ ਗੱਲ ਵੀ ਕਹੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।